ਗੈਂਗਸਟਰਾਂ ਵੱਲੋਂ ਮਿਲ ਰਹੀਆਂ ਨੇ ਧਮਕੀਆਂ: ਰੰਧਾਵਾ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 8 ਨਵੰਬਰ
ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਦੱਸਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਡਰਾਇਆ ਤੇ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਦੀ ਪੁਲੀਸ ਤੇ ‘ਆਪ’ ਆਗੂਆਂ ’ਤੇ ਵੀ ਕਈ ਦੋਸ਼ ਲਾਏ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਵੱਲੋਂ ਪਹਿਲਾਂ ਵੀ ਗੈਂਗਸਟਰ ਜੱਗੂ ਭਗਵਾਨਪੁਰੀਆ (ਜੋ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭਗਵਾਨਪੁਰ ਦਾ ਹੈ) ਦੀ ਮਾਂ ’ਤੇ ਦੋਸ਼ ਲਾਏ ਗਏ ਸਨ। ਉਨ੍ਹਾਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ’ਤੇ ਜੱਗੂ ਦੀ ਮਾਂ ਨੂੰ ਦਫ਼ਤਰ ਬੁਲਾ ਕੇ ਸਨਮਾਨਿਤ ਕਰਨ ਦੇ ਵੀ ਦੋਸ਼ ਲਾਏ ਸਨ। ਉਧਰ ਗੁਰਦੀਪ ਸਿੰਘ ਰੰਧਾਵਾ ਨੇ ਐੱਮਪੀ ਰੰਧਾਵਾ ਵੱਲੋਂ ਗੈਂਗਸਟਰਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਡਰਾਉਣ ਵਰਗੇ ਲਗਾਏ ਦੋਸ਼ਾਂ ਬਾਰੇ ਗੱਲ ਕਰਦਿਆਂ ਦੱਸਿਆ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਦੂਜੇ ਪਾਸੇ ਐੱਮਪੀ ਰੰਧਾਵਾ ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖਦਿਆਂ ਦੱਸਿਆ ਕਿ ਜੇ ਚੋਣਾਂ ਦੌਰਾਨ ਹਲਕਾ ਡੇਰਾ ਬਾਬਾ ਨਾਨਕ ’ਚ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਮਾਮਲੇ ’ਤੇ ਡੀਐੱਸਪੀ ਡੇਰਾ ਬਾਬਾ ਨਾਨਕ ਜ਼ਿੰਮੇਵਾਰ ਹੋਣਗੇ। ਉਨ੍ਹਾਂ ਦੱਸਿਆ ਕਿ ਗੈਂਗਸਟਰਾਂ ਵੱਲੋਂ ਆਮ ਲੋਕਾਂ ਨੂੰ ਹਲਕੇ ’ਚ ਕਾਂਗਰਸ ਦੇ ਬੂਥ ਨਾ ਲਗਾਏ ਜਾਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ ਕਿਉਂਕਿ ਉਹ ਹਲਕੇ ’ਚ ‘ਆਪ’ ਦੇ ਹੱਕ ’ਚ ਪ੍ਰਚਾਰ ਕਰ ਰਹੇ ਹਨ।