ਸੌ ਤੋਂ ਵੱਧ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ
ਨਵੀਂ ਦਿੱਲੀ/ਮੁੰਬਈ, 29 ਅਕਤੂਬਰ
Over 100 flights get bomb threats on Tuesday: ਇੱਥੋਂ ਦੀਆਂ ਸੌ ਤੋਂ ਵੱਧ ਘਰੇਲੂ ਤੇ ਕੌਮਾਂਤਰੀ ਹਵਾਈ ਉਡਾਣਾਂ ਨੂੰ ਅੱਜ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਮਿਲਣ ਮਗਰੋਂ ਦੇਸ਼ ਭਰ ਦੇ ਹਵਾਈ ਅੱਡਿਆਂ ਤੇ ਹਵਾਈ ਉਡਾਣਾਂ ਦੀ ਜਾਂਚ ਕੀਤੀ ਗਈ ਤੇ ਯਾਤਰੀਆਂ ਦੀ ਸੁਰੱਖਿਆ ਦੇ ਬਣਦੇ ਇੰਤਜ਼ਾਮ ਕੀਤੇ ਗਏ। ਜ਼ਿਕਰਯੋਗ ਹੈ ਕਿ ਪਿਛਲੇ 16 ਦਿਨਾਂ ਵਿੱਚ 510 ਤੋਂ ਵੱਧ ਘਰੇਲੂ ਅਤੇ ਕੌਮਾਂਤਰੀ ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ ਜੋ ਬਾਅਦ ਵਿੱਚ ਝੂਠੀਆਂ ਸਾਬਤ ਹੋਈਆਂ ਹਨ।
ਇਹ ਧਮਕੀਆਂ ਜ਼ਿਆਦਾਤਰ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ ਅੱਜ ਏਅਰ ਇੰਡੀਆ ਦੀਆਂ ਲਗਪਗ 36, ਇੰਡੀਗੋ ਦੀਆਂ 35 ਤੇ ਵਿਸਤਾਰਾ ਦੀਆਂ 32 ਉਡਾਣਾਂ ਨੂੰ ਧਮਕੀਆਂ ਮਿਲੀਆਂ ਹਨ। ਇੱਕ ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ ਧਮਕੀਆਂ ਮਿਲਣ ਮਗਰੋਂ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੁਚੇਤ ਕੀਤਾ ਗਿਆ ਤੇ ਸੁਰੱਖਿਆ ਪ੍ਰਕਿਰਿਆਵਾਂ ਦੀ ਸਖਤੀ ਨਾਲ ਪਾਲਣਾ ਕੀਤੀ ਗਈ। ਇਸ ਦੌਰਾਨ ਮੁੰਬਈ ਪੁਲੀਸ ਨੇ ਤਿੰਨ ਏਅਰਲਾਈਨਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।