ਨੌਜਵਾਨ ਦੇ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਫਰਵਰੀ
ਪਤੰਗਬਾਜ਼ੀ ਕਾਰਨ ਹੋਏ ਝਗੜੇ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ ਵਿੱਚ ਪੁਲੀਸ ਨੇ ਲੋੜੀਂਦੇ ਤਿੰਨ ਵਿਅਕਤੀਆਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਹੋਰਨਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਮੁਲਜ਼ਮਾਂ ਦੀ ਸ਼ਨਾਖਤ ਜੁਗਰਾਜ ਸਿੰਘ ਉਰਫ ਲਾਲ, ਆਦਿੱਤਿਆ ਬੇਦੀ ਉਰਫ ਐਡੀ ਅਤੇ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਆਈਪੀਸੀ ਦੀ ਧਾਰਾ 302, 307, 427 ,148 ,149 ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਹੇਠ ਥਾਣਾ ਬੀ ਡਿਵੀਜ਼ਨ ਵਿੱਚ ਕੇਸ ਦਰਜ ਕੀਤਾ ਸੀ। ਇਸ ਘਟਨਾ ਵਿੱਚ 23 ਸਾਲਾਂ ਦੇ ਹਰਮਨਜੀਤ ਸਿੰਘ ਦੀ ਚਾਰ ਫਰਵਰੀ ਸ਼ਾਮ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਜਸਬੀਰ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਦੀ ਏਡੀਸੀਪੀ ਡਾ. ਪ੍ਰਗਿਆ ਜੈਨ ਨੇ ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੱਖ ਵੱਖ ਟੀਮਾਂ ਵੱਲੋਂ ਵਿਗਿਆਨਕ ਢੰਗ ਤਰੀਕੇ ਨਾਲ ਜਾਂਚ ਕਰਦਿਆਂ ਨਾਮਜ਼ਦ ਵਿਅਕਤੀਆਂ ਦਾ ਪਿੱਛਾ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ 12 ਘੰਟਿਆਂ ਵਿੱਚ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਕੀ ਨਾਮਜ਼ਦ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਛਾਪੇ ਜਾਰੀ ਹਨ। ਇਸ ਤੋਂ ਇਲਾਵਾ ਹੋਰਨਾਂ ਅਣਪਛਾਤਿਆਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵੀ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਜੁਗਰਾਜ ਅਤੇ ਆਦਿੱਤਿਆ ਬੇਦੀ ਖਿਲਾਫ਼ ਪਹਿਲਾਂ ਵੀ ਇੱਕ-ਇੱਕ ਕੇਸ ਦਰਜ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਉਹ ਕਾਰ ਵੀ ਬਰਾਮਦ ਕਰ ਲਈ ਹੈ ਜੋ ਘਟਨਾ ਵੇਲੇ ਵਰਤੀ ਗਈ ਸੀ।