ਹਥਿਆਰਾਂ ਦੀ ਤਸਕਰੀ ਸਬੰਧੀ ਤਿੰਨ ਕਾਬੂ, 3 ਪਿਸਤੌਲਾਂ ਬਰਾਮਦ
ਅੰਮ੍ਰਿਤਸਰ (ਟ.ਨ.ਸ.):
ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਦੀ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋ.32 ਬੋਰ ਦੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਐੱਸਐੱਸਓਸੀ ਦੇ ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਮੱਟੂ, ਸਾਹਿਲ ਕੁਮਾਰ ਉਰਫ ਮਸਤ ਦੋਵੇਂ ਵਾਸੀ ਛੋਟਾ ਹਰੀਪੁਰਾ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਵਾਸੀ ਗੁਰੂ ਨਾਨਕ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਤਿੰਨ ਮੈਗਜ਼ੀਨ ਅਤੇ ਛੇ ਕਾਰਤੂਸ ਵੀ ਬਰਾਮਦ ਹੋਏ। ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਸਰ ਦੇ ਕੁਝ ਵਿਅਕਤੀ ਜੋ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਵੱਲੋਂ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਡੀਲਰਾਂ ਤੋਂ ਹਥਿਆਰਾਂ ਦੀ ਖੇਪ ਖਰੀਦੀ ਹੈ ਅਤੇ ਇਹ ਖੇਪ ਵੱਲਾ ਦੀ ਗੁਰੂ ਤੇਗ ਬਹਾਦਰ ਮਾਰਕੀਟ ਦੇ ਇਲਾਕੇ ਵਿੱਚ ਕੁਝ ਅਪਰਾਧਿਕ ਅਨਸਰਾਂ ਤੱਕ ਪਹੁੰਚਾਈ ਜਾਣੀ ਹੈ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਅਸਲੇ ਸਣੇ ਕਾਬੂ ਕੀਤਾ।