ਵੱਖ ਵੱਖ ਮਾਮਲਿਆਂ ਵਿੱਚ ਤਿੰਨ ਗ੍ਰਿਫਤਾਰ; ਅੱਠ ਪਿਸਤੌਲ ਤੇ 17 ਰੌਂਦ ਬਰਾਮਦ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਕਤੂਬਰ
ਦਿਹਾਤੀ ਪੁਲੀਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਅੱਠ ਪਿਸਤੌਲ, ਅੱਠ ਮੈਗਜ਼ੀਨ, 17 ਰੌਂਦ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਚਰਨਜੀਤ ਸਿੰਘ ਉਰਫ ਚੰਨੀ, ਗੁਰਤੇਜ ਸਿੰਘ ਅਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ। ਪਹਿਲੇ ਮਾਮਲੇ ਵਿੱਚ ਘਰਿੰਡਾ ਪੁਲੀਸ ਨੇ ਚਰਨਜੀਤ ਸਿੰਘ ਉਰਫ ਚੰਨੀ ਅਤੇ ਗੁਰਤੇਜ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ ਪੰਜ ਪਿਸਤੌਲ 32 ਬੋਰ ਦੇ ਅਤੇ ਪੰਜ ਮੈਗਜ਼ੀਨ ਤੇ 15 ਰੌਂਦ ਬਰਾਮਦ ਕੀਤੇ ਹਨ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25,54,59 ਹੇਠ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿੱਚ ਚਾਟੀਵਿੰਡ ਪੁਲੀਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਵਾਸੀ ਜ਼ਿਲ੍ਹਾ ਸੰਗਰੂਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 32 ਬੋਰ ਦੇ ਤਿੰਨ ਪਿਸਤੌਲ, ਤਿੰਨ ਮੈਗਜ਼ੀਨ ,ਦੋ ਰੌਂਦ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਕੋਲੋਂ ਪੁੱਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਤੇਜ ਸਿੰਘ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਸਨ ਅਤੇ ਪੁਲੀਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਬਿਕਰਮਜੀਤ ਸਿੰਘ ਉਰਫ ਵਿੱਕੀ ਵੱਖ-ਵੱਖ ਗਰੋਹਾਂ ਨੂੰ ਅਪਰਾਧਿਕ ਗਤੀਵਿਧੀਆਂ ਲਈ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਅਸਲਾ ਲਿਆ ਕੇ ਸਪਲਾਈ ਕਰਦਾ ਸੀ।