ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਮਾਰਚ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋ 9 ਕਾਰਤੂਸਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਸੰਗਤਪੁਰਾ ਦੇ ਰਹਿਣ ਵਾਲੇ ਗੁਰਜੰਟ ਸਿੰਘ, ਗੁਰਸ਼ਰਨ ਸਿੰਘ ਉਰਫ਼ ਗੁਰਸ਼ਰਨਦੀਪ ਅਤੇ ਅਭਿਸ਼ੇਕ ਉਰਫ਼ ਅਭੀ ਦੋਵੇਂ ਵਾਸੀ ਪਿੰਡ ਲੱਖੂਵਾਲ, ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਤੋ ਪਹਿਲਾ ਬੀਤੇ ਕੱਲ੍ਹ ਸੀਆਈ ਅੰਮ੍ਰਿਤਸਰ ਵੱਲੋਂ ਪਾਕਿਸਤਾਨ ਆਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼ ਕਰਕੇ ਇਸ ਦੇ ਦੋ ਕਾਰਕੁਨਾਂ ਨੂੰ ਪੰਜ ਅਤਿ -ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਕਤ ਦੋਵੇਂ ਮੁਲਜ਼ਮ ਵਿਦੇਸ਼-ਆਧਾਰਿਤ ਗੈਂਗਸਟਰਾਂ ਲਖਬੀਰ ਲੰਡਾ ਅਤੇ ਸੱਤਾ ਨੌਸ਼ਹਿਰਾ ਦੇ ਸਾਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ, ਜਿਹਨਾਂ ਕੋਲ ਹਥਿਆਰ ਅਤੇ ਗੋਲਾ ਬਾਰੂਦ ਹੈ, ਉਹ ਪਿੰਡ ਉਗਰ ਔਲਖ ਵਿਖੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲੀਸ ਦੀ ਟੀਮ ਨੇ ਅੰਮ੍ਰਿਤਸਰ-ਅਜਨਾਲਾ ਰੋਡ 'ਤੇ ਪਿੰਡ ਉਗਰ ਔਲਖ ਨੇੜੇ ਛਾਪਾ ਮਾਰਿਆ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ, ਆਬਕਾਰੀ ਐਕਟ ਆਦਿ ਸਬੰਧੀ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸਹਿੰਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਕੇਸ ਦਰਜ ਕੀਤਾ ਗਿਆ ਹੈ।