ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 27 ਜੁਲਾਈ
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਮਾਮਲੇ ਵਿੱਚ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਧਰਮਿੰਦਰ ਸਿੰਘ ਵਾਸੀ ਫੌਜੀ ਕਲੋਨੀ ਕਪੂਰਥਲਾ ਅਤੇ ਲੱਕੀ ਉਰਫ਼ ਕਾਲਾ ਅਤੇ ਲਵ ਕੁਮਾਰ ਦੋਵੇਂ ਵਾਸੀ ਹਾਊਸਿੰਗ ਬੋਰਡ ਕਲੋਨੀ ਅਵਾ ਬਸਤੀ ਸਿਟੀ ਫਿਰੋਜ਼ਪੁਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ।
ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਅੱਜ ਇੱਥੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਆਈਟੀ ਸਿਟੀ ਥਾਣਾ ਦੇ ਐੱਸਐੱਚਓ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਐੱਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੀ 12 ਮਈ ਨੂੰ ਡਿਜ਼ਾਈਰ ਕਾਰ ਚਾਲਕ ਲਵਪ੍ਰੀਤ ਸਿੰਘ ’ਤੇ ਹਮਲਾ ਕਰਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਉਸ ਨੂੰ ਜ਼ਖ਼ਮੀ ਕਰਕੇ ਫ਼ਰਾਰ ਹੋ ਗਏ ਸਨ। ਇਸ ਸਬੰਧੀ ਧਾਰਾ 379-ਬੀ, 473, 34 ਅਧੀਨ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਪਿਛਲੇ ਦਿਨੀਂ ਆਈਟੀ ਸਿਟੀ ਵਿੱਚ ਦੋ ਮੁਲਜ਼ਮਾਂ ਧਰਮਿੰਦਰ ਸਿੰਘ ਅਤੇ ਲੱਕੀ ਉਰਫ਼ ਕਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਪੁੱਛਗਿੱਛ ਦੌਰਾਨ ਪੁਲੀਸ ਨੂੰ ਦੱਸਿਆ ਕਿ ਉਨ੍ਹਾਂ ਨੇ ਬੀਤੀ 12 ਮਈ ਨੂੰ ਇੱਕ ਕਾਰ ਚਾਲਕ ’ਤੇ ਹਮਲਾ ਕਰਕੇ ਲੁੱਟ-ਖੋਹ ਕੀਤੀ ਸੀ। ਵਾਰਦਾਤ ਨੂੰ ਅੰਜਾਮ ਦੇਣ ਵਿੱਚ ਉਨ੍ਹਾਂ ਦਾ ਤੀਜਾ ਸਾਥੀ ਲਵ ਕੁਮਾਰ ਵਾਸੀ ਹਾਊਸਿੰਗ ਬੋਰਡ ਕਲੋਨੀ ਫਿਰੋਜ਼ਪੁਰ ਸਿਟੀ ਵੀ ਸ਼ਾਮਲ ਸੀ।