ਪੰਜਾਬ ਯੂਥ ਕਾਂਗਰਸ ਦੀ ਤਿੰਨ ਰੋਜ਼ਾ ਕਾਰਜਕਾਰੀ ਮੀਟਿੰਗ ਤੇ ਸਿਖਲਾਈ ਕੈਂਪ ਸ਼ੁਰੂ
ਗੁਰਿੰਦਰ ਸਿੰਘ
ਲੁਧਿਆਣਾ, 4 ਅਗਸਤ
ਪੰਜਾਬ ਯੂਥ ਕਾਂਗਰਸ ਦੀ ਤਿੰਨ ਰੋਜ਼ਾ ਕਾਰਜਕਾਰੀ ਕਮੇਟੀ ਦੀ ਮੀਟਿੰਗ ਅਤੇ ਸਿਖਲਾਈ ਕੈਂਪ ਅੱਜ ਇੱਥੇ ਸ਼ੁਰੂ ਹੋ ਗਿਆ ਹੈ। ਯੂਥ ਕਾਂਗਰਸ ਦੇ ਕੌਮੀ ਸੰਯੁਕਤ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਕ੍ਰਿਸ਼ਨਾ ਅਲਾਵਾਰੂ ਦੇ ਉਦਘਾਟਨੀ ਭਾਸ਼ਣ ਨਾਲ ਸ਼ੁਰੂ ਹੋਈ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਅਤੇ ਸੂਬਾ ਇੰਚਾਰਜ ਰਿਸ਼ੇਂਦਰ ਮਾਹਰ ਨੇ ਵੀ ਹਿੱਸਾ ਲਿਆ। ਇਸ ਮੌਕੇ ਕ੍ਰਿਸ਼ਨਾ ਅਲਾਵਾਰੂ ਨੇ ਕਿਹਾ ਕਿ ਯੂਥ ਕਾਂਗਰਸ ਆਲ ਇੰਡੀਆ ਕਾਂਗਰਸ ਕਮੇਟੀ ਦਾ ਇੱਕ ਮਹੱਤਵਪੂਰਨ ਅੰਗ ਹੈ ਅਤੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਊਰਜਾ ਨੂੰ ਲਾਮਬੰਦ ਕਰਨ ਅਤੇ ਚਲਾਉਣ ਵਿੱਚ ਵੱਡੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਪੰਜਾਬ ਯੂਥ ਕਾਂਗਰਸ ਦੇ ਆਗੂਆਂ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 2027 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਵਾਪਸੀ ਕਰੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਯੂਥ ਵਰਕਰਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਯੂਥ ਵਰਕਰਾਂ ਦਾ ਮਨੋਬਲ ਉੱਚਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਤਾਲਮੇਲ ਕਰਕੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਤਿੰਨ ਰੋਜ਼ਾ ਕਾਰਜਕਾਰੀ ਮੀਟਿੰਗ ਅਤੇ ਸਿਖਲਾਈ ਕੈਂਪ ਦਾ ਉਦੇਸ਼ ਨੌਜਵਾਨਾਂ ਨੂੰ ਪੰਜਾਬ ਯੂਥ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਲਾਮਬੰਦ ਕਰਨ ਲਈ ਰਣਨੀਤੀ ਤਿਆਰ ਕਰਨਾ ਹੈ ਤਾਂ ਜੋ ਵੰਡਪਾਊ ਅਤੇ ਫ਼ਿਰਕੂ ਤਾਕਤਾਂ ਵਿਰੁੱਧ ਇੱਕ ਮਜ਼ਬੂਤ ਮੋਰਚਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਲੋਕਾਂ ਦੇ ਹੱਕਾਂ ਲਈ ਲੜਨ ਵਿੱਚ ਮੋਹਰੀ ਭੂਮਿਕਾ ਨਿਭਾਏਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾਰ, ਜਥੇਦਾਰ ਬਲਵਿੰਦਰ ਸਿੰਘ ਬੈਂਸ, ਅਤੇ ਕੈਪਟਨ ਸੰਦੀਪ ਸੰਧੂ ਸਮੇਤ ਕਈ ਆਗੂ ਹਾਜ਼ਰ ਸਨ।