ਤਿੰਨ ਰੋਜ਼ਾ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸ਼ੁਰੂ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 21 ਨਵੰਬਰ
ਇੱਥੇ ਚੀਫ ਖਾਲਸਾ ਦੀਵਾਨ ਵੱਲੋਂ ਐੱਸਜੀਐੱਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਸਮਰਪਿਤ ਤਿੰਨ ਰੋਜ਼ਾ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦਾ ਅੱਜ ਆਗਾਜ਼ ਹੋ ਗਿਆ ਹੈ। ਅੱਜ ਸਕੂਲ ਕੈਂਪਸ ਦੇ ਗੁਰਦੁਆਰੇ ਵਿੱਚ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਵਿਦਿਅਕ ਕਾਨਫਰੰਸ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਦਿਨ ਦੇ ਸਮਾਗਮਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਇੰਦਰਵੀਰ ਸਿੰਘ ਨਿੱਝਰ ਨੇ ਦੱਸਿਆ ਕਿ ਪਹਿਲੇ ਦਿਨ ਰਾਤ ਵੇਲੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਕਿਹਾ ਕਿ 22 ਨਵੰਬਰ ਅਤੇ 23 ਨਵੰਬਰ ਨੂੰ ਵੱਖ-ਵੱਖ ਵਿਸ਼ਿਆਂ ’ਤੇ ਵਿਦਵਾਨਾਂ ਵੱਲੋਂ ਆਪਣੇ ਵਿਚਾਰ ਰੱਖੇ ਜਾਣਗੇ। ਉਨ੍ਹਾਂ ਸੰਗਤ ਨੂੰ ਹੁੰਮ ਹੁਮਾ ਕੇ ਇਸ ਕਾਨਫਰੰਸ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਅਮਰਜੀਤ ਸਿੰਘ ਦੂਆ, ਜਗਜੀਤ ਸਿੰਘ, ਸੰਤੋਖ ਸਿੰਘ ਸੇਠੀ, ਡਾ. ਮਨਮੋਹਣ ਸਿੰਘ ਸਣੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾਕਟਰ ਜਸਬੀਰ ਸਿੰਘ, ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਇਲਾਕਾ ਵਾਸੀ ਹਾਜ਼ਰ ਸਨ।