ਤਿੰਨ ਨਕਾਬਪੋਸ਼ਾਂ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 30 ਮਈ
ਕਸਬਾ ਫਤਿਆਬਾਦ ਤੋਂ ਆੜਤ ਐਸੋਸੀਏਸ਼ਨ ਦੇ ਪ੍ਰਧਾਨ ਜਸਕਰਨ ਸਿੰਘ ’ਤੇ ਤਿੰਨ ਅਣਪਛਾਤਿਆ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਜਸਕਰਨ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।

ਜਸਕਰਨ ਸਿੰਘ ਜੱਸ ਕਸਬਾ ਫਤਿਆਬਾਦ ਤੋਂ ਆੜ੍ਹਤੀਆ ਐਸੋਸੀਏਸ਼ਨ ਦਾ ਪ੍ਰਧਾਨ ਹੈ। ਹਮਲੇ ਮੌਕੇ ਜੱਸ ਆਪਣੀ ਦੁਕਾਨ ’ਤੇ ਬੈਠਾ ਸੀ। ਇਸ ਦੌਰਾਨ ਤਿੰਨ ਨਕਾਬਪੋਸ਼ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਜਸਕਰਨ ਸਿੰਘ ਜੱਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਮੌਕੇ ’ਤੇ ਪਹੁੰਚੇ ਚੌਕੀ ਫਤਿਆਬਾਦ ਦੇ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਜ਼ਖਮੀ ਜਸਕਰਨ ਸਿੰਘ ਦੇ ਬਿਆਨ ਲਏ ਜਾ ਰਹੇ, ਜਿਸ ਦੇ ਆਧਾਰ ’ਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਣਕਾਰੀ ਅਨੁਸਾਰ ਇਸ ਹਮਲੇ ਦੀ ਵਜ੍ਹਾ ਪੈਸਿਆਂ ਦਾ ਲੈਣ ਦੇਣ ਦੱਸਿਆ ਜਾ ਰਿਹਾ ਹੈ।