ਦਿੱਲੀ ਆਧਾਰਿਤ ਗੈਂਗਸਟਰ ਮਾਡਿਊਲ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 25 ਨਵੰਬਰ
ਪੰਜਾਬ ਪੁਲੀਸ ਨੇ ਦਿੱਲੀ ਆਧਾਰਿਤ ਗੈਂਗਸਟਰ ਮਨਜੀਤ ਸਿੰਘ ਮਾਹਲ ਦੇ ਅਪਰਾਧਿਕ ਮਾਡਿਊਲ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਹੈ। ਮਾਹਲ ਇਸ ਸਮੇਂ ਦਿੱਲੀ ਤਿਹਾੜ ਜੇਲ੍ਹ ਵਿੱਚ ਬੰਦ ਹੈ, ਉਹ ਜੇਲ੍ਹ ’ਚੋਂ ਹੀ ਆਪਣਾ ਗਰੁੱਪ ਚਲਾ ਰਿਹਾ ਸੀ। ਜ਼ਿਲ੍ਹਾ ਮੁਹਾਲੀ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਸਾਂਝੇ ਅਪਰੇਸ਼ਨ ਦੌਰਾਨ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਇਸ ਗਰੁੱਪ ਦੇ ਤਿੰਨ ਮੈਂਬਰਾਂ ਇਕਬਾਲ ਸਿੰਘ ਉਰਫ਼ ਵਿਨੈ ਵਾਸੀ ਸੁਲੇਮਾਨ ਨਗਰ, ਨਵੀਂ ਦਿੱਲੀ, ਗੁਲਸ਼ਨ ਕੁਮਾਰ ਉਰਫ਼ ਲੈਫ਼ਟੀ ਵਾਸੀ ਪੀਰਾਗਾਂਧੀ ਕੈਂਪ, ਨਵੀਂ ਦਿੱਲੀ ਅਤੇ ਸਤੀਸ਼ ਕੁਮਾਰ ਵਾਸੀ ਮੋਹਕਮਪੁਰ (ਅੰਮ੍ਰਿਤਸਰ) ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ .30 ਬੋਰ ਦੇ ਦੋ ਪਿਸਤੌਲ ਅਤੇ 18 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਕਾਲੀ ਦੀ ਸਕਾਰਪੀਓ ਜ਼ਬਤ ਕੀਤੀ ਹੈ, ਜੋ ਪਾਰਕਸੀ ਪਤਨੀ ਹੀਵਾ ਸਿੰਘ ਵਾਸੀ ਪਿੰਡ ਉੱਤਮ ਨਗਰ, ਪੱਛਮੀ ਦਿੱਲੀ ਦੇ ਨਾਂ ’ਤੇ ਰਜਿਸਟਰ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਕਬਾਲ ਸਿੰਘ ਅਤੇ ਗੁਲਸ਼ਨ ਕੁਮਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਪਿੰਡ ਦੱਪਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਮੁੱਢਲੀ ਪੁੱਛ ਪੜਤਾਲ ਤੋਂ ਬਾਅਦ ਉਨ੍ਹਾਂ ਦੇ ਤੀਜੇ ਸਾਥੀ ਸਤੀਸ਼ ਕੁਮਾਰ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਹਰਿਆਣਾ ਅਤੇ ਦਿੱਲੀ ਵਿੱਚ ਕਈ ਕੇਸ ਦਰਜ ਹਨ। ਹੁਣ ਤਾਜ਼ਾ ਮਾਮਲਾ ਲਾਲੜੂ ਥਾਣੇ ਵਿੱਚ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛ ਪੜਤਾਲ ਦੌਰਾਨ ਇਹ ਪਤਾ ਲੱਗਿਆ ਹੈ ਕਿ ਉਹ ਅੰਮ੍ਰਿਤਸਰ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ ਪ੍ਰੰਤੂ ਪੁਲੀਸ ਨੇ ਉਨ੍ਹਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਅਤੇ ਡੀਆਈਜੀ ਨੀਲਾਂਬਰੀ ਜਗਦਲੇ ਵੱਲੋਂ ਮੁਹਾਲੀ ਦੇ ਐੱਸਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀਐੱਸਪੀ (ਏਜੀਟੀਐੱਫ਼) ਬਿਕਰਮਜੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਐਂਟੀ ਨਾਰਕੋਟਿਕ ਸੈੱਲ ਦੇ ਇੰਚਾਰਜ ਐੱਸਆਈ ਸੁਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਬਣਾਈ ਗਈ ਹੈ।