ਅਤਿਵਾਦੀਆਂ ਦੇ ਹਮਲੇ ਵਿੱਚ ਤਿੰਨ ਪਰਵਾਸੀ ਮਜ਼ਦੂਰ ਜ਼ਖ਼ਮੀ
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅਤਿਵਾਦੀਆਂ ਨੇ ਅੱਜ ਸ਼ਾਮ ਤਿੰਨ ਪਰਵਾਸੀ ਮਜ਼ਦੂਰਾਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਅਧਿਕਾਰੀਆਂ ਅਨੁਸਾਰ ਇਹ ਘਟਨਾ ਦੱਖਣੀ ਕਸ਼ਮੀਰ ਜ਼ਿਲ੍ਹੇ ਵਿੱਚ ਗਗਰਾਨ ਇਲਾਕੇ ਵਿੱਚ ਵਾਪਰੀ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ। ਇਸੇ ਦੌਰਾਨ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ ਸਾਜ਼ਿਸ਼ ਨਾਲ ਸਬੰਧਤ ਇੱਕ ਕੇਸ ਵਿੱਚ ਅੱਜ ਜੰਮੂ ਕਸ਼ਮੀਰ ਦੇ ਪੁਲਵਾਮਾ ਤੇ ਸ਼ੋਪੀਆਂ ਜ਼ਿਲ੍ਹੇ ’ਚ ਪੰਜ ਥਾਵਾਂ ’ਤੇ ਛਾਪੇ ਮਾਰੇ ਹਨ। ਐੱਨਆਈਏ ਦੇ ਬੁਲਾਰੇ ਨੇ ਦੱਸਿਆ, ‘ਜੰਮੂ ਕਸ਼ਮੀਰ ’ਚ ਅਤਿਵਾਦੀ ਸਾਜ਼ਿਸ਼ ਨਾਲ ਜੁੜੇ ਕੇਸ ਵਿੱਚ ਆਪਣੀ ਜਾਂਚ ਤਹਿਤ ਐੱਨਆਈਏ ਨੇ ਪਾਕਿਸਤਾਨ ਹਮਾਇਤੀ ਪਾਬੰਦੀਸ਼ੁਦਾ ਅਤਿਵਾਦੀ ਜਥੇਬੰਦੀਆਂ ਨਾਲ ਜੁੜੇ ਅਤਿਵਾਦੀਆਂ ਦੇ ਟਿਕਾਣਿਆਂ ’ਤੇ ਇੱਕ ਹੋਰ ਦੌਰ ਦੇ ਛਾਪੇ ਮਾਰੇ ਹਨ।’ ਇਹ ਛਾਪੇ ਸ਼ੋਪੀਆਂ, ਆਵੰਤੀਪੁਰਾ, ਪੁਲਵਾਮਾ ’ਚ ਪੰਜ ਥਾਵਾਂ ’ਤੇ ਮਾਰੇ ਗਏ ਹਨ। ਐੱਨਆਈਏ ਨੇ ਕਈ ਨਵੀਆਂ ਅਤਿਵਾਦੀ ਜਥੇਬੰਦੀਆਂ ਹਮਾਇਤੀਆਂ ਤੇ ਮੈਂਬਰਾਂ ਦੇ ਟਿਕਾਣਿਆਂ ’ਤੇ ਵੀ ਛਾਪੇ ਮਾਰੇ ਹਨ। ਬੁਲਾਰੇ ਨੇ ਦੱਸਿਆ ਕਿ ਛਾਪਿਆਂ ਦੌਰਾਨ ਵੱਡੀ ਮਾਤਰਾ ’ਚ ਇਤਰਾਜ਼ਯੋਗ ਡੇਟਾ ਵਾਲੇ ਕਈ ਡਿਜੀਟਲ ਉਪਕਰਨ ਬਰਾਮਦ ਕੀਤੇ ਗਏ ਹਨ। ਐੱਨਆਈਏ ਜੰਮੂ ਕਸ਼ਮੀਰ ’ਚ ਅਤਿਵਾਦ, ਹਿੰਸਾ ਤੇ ਭੰਨਤੋੜ ਨਾਲ ਸਬੰਧਤ ਗਤੀਵਿਧੀਆਂ ਦੇ ਸਬੰਧ ਵਿੱਚ 21 ਜੂਨ ਨੂੰ ਕੇਸ ਦਰਜ ਕੀਤਾ ਸੀ। -ਪੀਟੀਆਈ