ਪੰਜਾਬ ਦੇ ਤਿੰਨ ਵਜ਼ੀਰਾਂ ਨੇ ਕੇਂਦਰ ਤੋਂ ਸੂਬੇ ਦੇ ਹੱਕ ਮੰਗੇ
ਆਤਿਸ਼ ਗੁਪਤਾ
ਚੰਡੀਗੜ੍ਹ, 7 ਨਵੰਬਰ
ਪੰਜਾਬ ਸਰਕਾਰ ਦੇ ਤਿੰਨ ਵਜ਼ੀਰਾਂ ਨੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਮੁੱਦਿਆਂ ਬਾਰੇ ਇੱਥੇ ਪੰਜਾਬ ਭਵਨ ਵਿੱਚ ਬਿਜਲੀ, ਘਰੇਲੂ ਤੇ ਸ਼ਹਿਰੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈਟੀਓ ਅਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਮੰਤਰੀ ਤੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀਬੀਐੱਮਬੀ) ਵਿੱਚ ਪੰਜਾਬ ਤੋਂ ਬਿਜਲੀ ਮੈਂਬਰ ਲਾਉਣ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਸਾਲ 2022 ’ਚ ਸੋਧ ਕੀਤੇ ਨਿਯਮਾਂ ਨੂੰ ਬਦਲਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਤਿੰਨਾਂ ਵਜ਼ੀਰਾਂ ਨੇ ਹਿਮਾਚਲ ਪ੍ਰਦੇਸ਼ ਸਥਿਤ ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਦਾ ਹੱਕ ਜਤਾਉਂਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ ਇਸ ’ਤੇ ਪੰਜਾਬ ਦਾ ਹੀ ਹੱਕ ਬਣਦਾ ਹੈ।
ਕੈਬਨਿਟ ਮੰਤਰੀ ਨੇ ਸੌਰ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਲਈ ਸਬਸਿਡੀ ਵਾਲੇ ਸੋਲਰ ਪੰਪਾਂ ਦੀ ਸਮਰੱਥਾ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨੂੰ ਘੱਟੋ-ਘੱਟ 15 ਹਾਰਸ ਪਾਵਰ ਕੀਤਾ ਜਾਵੇ। ਪੰਜਾਬ ਦੇ ਮੰਤਰੀਆਂ ਨੇ ਕੇਂਦਰੀ ਮੰਤਰੀ ਤੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ। ਇਸੇ ਤਰ੍ਹਾਂ ਚੰਡੀਗੜ੍ਹ ਨਾਲ ਲੱਗਦੇ ਮੁਹਾਲੀ-ਜ਼ੀਰਕਪੁਰ ਨੂੰ ਵੀ ਈ-ਬੱਸ ਸੇਵਾ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ। ਪੰਜਾਬ ਦੇ ਵਜ਼ੀਰਾਂ ਨੇ ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਲੱਗਣ ਵਾਲੇ ਪਲਾਂਟਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਲਾਂਟਾਂ ਲਈ ਬਾਇਓਗੈਸ ਪਲਾਂਟਾਂ ਦੀ ਤਰਜ਼ ’ਤੇ ਸਬਸਿਡੀ ਦਿੱਤੀ ਜਾਵੇ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੀਆਂ ਮੰਗਾਂ ’ਤੇ ਸਹਿਮਤੀ ਦਿੰਦਿਆਂ ਇਨ੍ਹਾਂ ’ਤੇ ਸਕਾਰਾਤਮਕ ਰਵੱਈਏ ਨਾਲ ਪਹੁੰਚ ਅਪਣਾਉਣ ਦਾ ਭਰੋਸਾ ਦਿੱਤਾ।