ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ’ਚ ਤਿੰਨ ਨੌਜਵਾਨਾਂ ਦਾ ਕਤਲ
* ਦੋ ਜ਼ਖ਼ਮੀ; ਪੁਲੀਸ ਵੱਲੋਂ ਘਟਨਾ ਦੀ ਜਾਂਚ ਸ਼ੁਰੂ
ਜੰਗ ਬਹਾਦਰ ਸਿੰਘ
ਗੜ੍ਹਸ਼ੰਕਰ, 9 ਨਵੰਬਰ
ਇਸ ਤਹਿਸੀਲ ਦੇ ਪਿੰਡ ਮੋਰਾਂਵਾਲੀ ’ਚ ਅੱਜ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਖੂਨੀ ਝੜਪ ’ਚ ਇਕ ਧਿਰ ਦੇ ਤਿੰਨ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਕਤਲ ਕੀਤੇ ਨੌਜਵਾਨ ਇਸੇ ਪਿੰਡ ਦੇ ਵਸਨੀਕ ਹਨ, ਜਿਨ੍ਹਾਂ ਦੀ ਉਮਰ 20 ਤੋਂ 30 ਸਾਲ ਹੈ। ਘਟਨਾ ਮਗਰੋਂ ਪੁਲੀਸ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਵੱਡੀ ਪੁਲੀਸ ਫੋਰਸ ਪਿੰਡ ਮੋਰਾਂਵਾਲੀ ਪੁੱਜ ਗਈ ਹੈ। ਪਿੰਡ ਮੋਰਾਂਵਾਲੀ ਦਾ ਵਸਨੀਕ ਗੁਰਪ੍ਰੀਤ ਸਿੰਘ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਆਪਣੇ ਸਾਥੀਆਂ ਨਾਲ ਕਿਸੇ ਰਾਜਸੀ ਪਾਰਟੀ ਦੀ ਰੈਲੀ ਵਿੱਚ ਜਾਣ ਲਈ ਰਵਾਨਾ ਹੋਇਆ ਸੀ ਕਿ ਪਿੰਡ ਦੇ ਵਸਨੀਕ ਮਨਪ੍ਰੀਤ ਸਿੰਘ ਉਰਫ ਮਨੀ ਦੇ ਘਰ ਅੱਗੇ ਕਿਸੇ ਗੱਲ ਕਾਰਨ ਉਨ੍ਹਾਂ ਦੀ ਝੜਪ ਹੋ ਗਈ। ਇਸ ਝੜਪ ਦੌਰਾਨ ਮਨਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ, ਸੁਖਤਿਆਰ ਸਿੰਘ ਪੁੱਤਰ ਜਗਤਾਰ ਸਿੰਘ, ਸ਼ਰਨਜੀਤ ਸਿੰਘ ਪੁੱਤਰ ਸੁਖਜਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਨਪ੍ਰੀਤ ਸਿੰਘ ਦੇ ਘਰ ਦੇ ਬਾਹਰ ਖੜ੍ਹੇ ਮੋਟਰਸਾਈਕਲਾਂ ਦੀ ਵੀ ਭੰਨ-ਤੋੜ ਕੀਤੀ ਗਈ। ਇਸ ਦੌਰਾਨ ਗੁਰਪ੍ਰੀਤ ਸਿੰਘ ਅਤੇ ਉਸ ਦਾ ਸਾਥੀ ਵੀ ਗੰਭੀਰ ਜ਼ਖ਼ਮੀ ਹੋ ਗਿਆ। ਗੁਰਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਚੰਡੀਗੜ੍ਹ ਰੈੱਫਰ ਕੀਤਾ ਗਿਆ ਹੈ। ਪਿੰਡ ਦੇ ਲੋਕਾਂ ਅਨੁਸਾਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪਿੰਡ ਵਿਚ ਦੋ ਧੜਿਆਂ ਦੀ ਅਗਵਾਈ ਕਰ ਰਹੇ ਸਨ ਅਤੇ ਇਨ੍ਹਾਂ ਦੀ ਪਹਿਲਾਂ ਵੀ ਆਪਸੀ ਰੰਜਿਸ਼ ਚੱਲ ਰਹੀ ਸੀ। ਪੁਲੀਸ ਕੋਲ ਪਹਿਲਾਂ ਵੀ ਇਨ੍ਹਾਂ ਦੇ ਟਕਰਾਅ ਦੀਆਂ ਸ਼ਿਕਾਇਤਾਂ ਦਰਜ ਹਨ। ਡੀਐੱਸਪੀ ਜਸਪ੍ਰੀਤ ਸਿੰਘ ਅਨੁਸਾਰ ਪੁਲੀਸ ਇਸ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਘਟਨਾ ਦੇ ਦੇ ਦੋਸ਼ੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ।