ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਵਿੱਚ ਆਜ਼ਾਦੀ ਦਿਵਸ ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ

06:38 AM Aug 15, 2024 IST
ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਵਾਹਨਾਂ ਦੀ ਜਾਂਚ ਕਰਦੇ ਹੋਏ ਪੁਲੀਸ ਮੁਲਾਜ਼ਮ। - ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ
ਲੁਧਿਆਣਾ, 14 ਅਗਸਤ
ਜ਼ਿਲ੍ਹਾਲੁਧਿਆਣਾ ਵਿੱਚ ਆਜ਼ਾਦੀ ਦਿਵਸ ਸਮਾਗਮ ਲਈ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸਮਾਗਮ ਤੋਂ ਇੱਕ ਸ਼ਾਮ ਪਹਿਲਾਂ ਹੀ ਸ਼ਹਿਰ ਦੇ ਐਂਟਰੀ ਪੁਆਇੰਟ ਸੀਲ ਕਰ ਕੇ ਨਾਕਾਬੰਦੀ ਕਰ ਦਿੱਤੀ ਗਈ ਹੈ। ਸ਼ਹਿਰ ਵਿੱਚ ਦਾਖਲ ਹੋਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਵਾਰ ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਹੋਵੇਗਾ। ਸਮਾਗਮ ਵਾਲੀ ਥਾਂ ’ਤੇ ਸੁਰੱਖਿਆ ਪ੍ਰਬੰਧਾਂ ਲਈ ਸ਼ਹਿਰ ਦੇ ਨਾਲ-ਨਾਲ ਦੋ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ। ਸੁਰੱਖਿਆ ਪ੍ਰਬੰਧਾਂ ਦੀ ਕਮਾਨ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੇ ਹੱਥ ਹੋਵੇਗੀ।
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਥਾਨਕ ਸਰਕਾਰਾਂ ਦੇ ਮੰਤਰੀ ਬਲਕਾਰ ਸਿੰਘ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਦੇ ਲੁਧਿਆਣਾ ਆਉਣ ਤੋਂ ਲੈ ਕੇ ਉਨ੍ਹਾਂ ਦੇ ਰਾਤ ਰੁਕਣ ਅਤੇ ਸਵੇਰੇ ਸਮਾਗਮ ਵਾਲੀ ਥਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮਾਗਮ ਨੂੰ ਸਫ਼ਲ ਬਣਾਉਣ ਲਈ ਪੁਲੀਸ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਵਿਉਂਤਬੰਦੀ ਨਾਲ ਕੰਮ ਕਰ ਰਿਹਾ ਹੈ। ਪੁਲੀਸ ਵੱਲੋਂ ਸ਼ਹਿਰ ਦੇ ਐਂਟਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਪੁਲੀਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ’ਤੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਜਿੱਥੇ ਪੀਏਯੂ ਵਿੱਚ ਸਮਾਗਮ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ, ਉੱਥੇ ਹੀ ਪੀਏਯੂ ਦੇ ਸਾਰੇ ਗੇਟਾਂ ’ਤੇ ਸੀਨੀਅਰ ਪੁਲੀਸ ਅਧਿਕਾਰੀ ਖੁਦ ਮੌਜੂਦ ਰਹਿਣਗੇ। ਪੀਏਯੂ ਦੇ ਅੰਦਰ ਰਹਿਣ ਵਾਲੇ ਲੋਕਾਂ ਦੀ ਪੂਰੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਕਿਸੇ ਨੂੰ ਵੀ ਬਿਨਾਂ ਇਜਾਜ਼ਤ ਪੀਏਯੂ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਵੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਵੀਆਈਪੀਜ਼ ਦਾ ਰੂਟ ਪਲਾਨ ਅਤੇ ਜਨਤਾ ਦੇ ਆਉਣ ਜਾਣ ਦਾ ਰਸਤਾ ਵੀ ਤੈਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਰੋਨ ਰਾਹੀਂ ਸੁਰੱਖਿਆ ਪ੍ਰਬੰਧਾਂ ’ਤੇ ਵੀ ਨਜ਼ਰ ਰੱਖੀ ਜਾਵੇਗੀ। ਸ਼ਹਿਰ ਦੇ ਮੁੱਖ ਚੌਕਾਂ ਤੇ ਚੁਰਾਹਿਆਂ ’ਤੇ ਵੀ ਨਾਕਾਬੰਦੀ ਹੋਵੇਗੀ ਜਦਕਿ ਮੁੱਖ ਬਾਜ਼ਾਰਾਂ ਵਿੱਚ ਮੁਲਾਜ਼ਮ ਸਾਦੀ ਵਰਦੀ ਵਿੱਚ ਤਾਇਨਾਤ ਰਹਿਣਗੇ।
ਏਡੀਸੀਪੀ ਹੈੱਡ ਕੁਆਰਟਰ ਗੁਰਮੀਤ ਕੌਰ ਨੇ ਦੱਸਿਆ ਕਿ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਾਲੀ ਥਾਂ ਤੋਂ ਲੈ ਕੇ ਐਂਟਰੀ ਪੁਆਇੰਟ ਅਤੇ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਤੱਕ ਪੁਲੀਸ ਤਾਇਨਾਤ ਰਹੇਗੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਪੁਲੀਸ ਮੀਟਿੰਗਾਂ ਲਗਾਤਾਰ ਜਾਰੀ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਇਹ ਸਮਾਗਮ ਸਫ਼ਲਤਾਪੂਰਵਕ ਨੇਪਰੇ ਚੜ੍ਹੇਗਾ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ ਨਜ਼ਰ ਆਵੇ ਤਾਂ ਉਹ ਤੁਰੰਤ ਪੁਲੀਸ ਨੂੰ ਸੂਚਿਤ ਕਰਨ।

Advertisement

Advertisement
Advertisement