For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਿਵਸ ਸਬੰਧੀ ਸਖ਼ਤ ਸੁਰੱਖਿਆ ਪ੍ਰਬੰਧ

10:16 AM Aug 14, 2023 IST
ਆਜ਼ਾਦੀ ਦਿਵਸ ਸਬੰਧੀ ਸਖ਼ਤ ਸੁਰੱਖਿਆ ਪ੍ਰਬੰਧ
ਏਡੀਜੀਪੀ ਅਰਪਿਤ ਸ਼ੁਕਲਾ ਤੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਗੁਰਿੰਦਰ ਸਿੰਘ
ਲੁਧਿਆਣਾ, 13 ਅਗਸਤ
ਪੰਜਾਬ ਪੁਲੀਸ ਵੱਲੋਂ ਆਜ਼ਾਦੀ ਦਿਵਸ ਸਬੰਧੀ ਪੰਜਾਬ ’ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਸ਼ਹਿਰ ਵਿੱਚ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਪੁਲੀਸ ਵੱਲੋਂ ਰੇਲਵੇ ਸਟੇਸ਼ਨ, ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਕਰੜੀ ਨਿਗ੍ਹਾ ਰੱਖਕੇ ਜਿੱਥੇ ਤਲਾਸ਼ੀ ਲਈ ਜਾ ਰਹੀ ਹੈ ਉੱਥੇ ਆਮ ਨਾਗਰਿਕਾਂ ਦੀ ਸੁਰੱਖਿਆ ਲਈ ਪੁਲੀਸ ਤੋਂ ਇਲਾਵਾ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ’ਚ ਕਿਸੇ ਤਰ੍ਹਾਂ ਦੀ ਕੋਈ ਗੜਬੜੀ ਨਾ ਹੋਵੇ। ਇਸ ਸਬੰਧੀ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਇੱਥੇ ਪੁੱਜੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਲੁਧਿਆਣਾ ਪੁਲੀਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਉਨ੍ਹਾਂ ਨੂੰ ਵਿਸਥਾਰਤ ਜਾਣਕਾਰੀ ਦਿੱਤੀ।
ਇਸ ਮੌਕੇ ਅਰਪਿਤ ਸ਼ੁਕਲਾ ਨੇ ਕਿਹਾ ਕਿ ਲੁਧਿਆਣਾ ਵਿੱਚ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਾਲੀ ਥਾਂ ’ਤੇ ਸੁਰੱਖਿਆ ਲਈ 900 ਦੇ ਕਰੀਬ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਸ਼ਹਿਰ ਦੀ ਸੁਰੱਖਿਆ 3000 ਪੁਲੀਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਸੌਂਪੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੀ ਥਾਂ ’ਤੇ ਵੀ ਆਜ਼ਾਦੀ ਦਿਵਸ ਸਮਾਗਮ ਤੱਕ ਪੂਰੀ ਚੌਕਸੀ ਵਰਤੀ ਜਾਵੇ। ਉਨ੍ਹਾਂ ਸਰਕਾਰੀ ਕਾਲਜ ਲੜਕਿਆਂ ਦਾ ਵੀ ਦੌਰਾ ਕੀਤਾ, ਜਿੱਥੇ ਆਜ਼ਾਦੀ ਦਿਵਸ ਸਮਾਗਮ ਹੋ ਰਹੇ ਹਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ।
ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਹਰ ਜ਼ਿਲ੍ਹੇ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਤੇ ਵੀ ਕੋਈ ਕੁਤਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਪੁਲੀਸ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ’ਚ ਤਾਇਨਾਤ ਰਹੇਗੀ। ਉਨ੍ਹਾਂ ਪੁਲੀਸ ਕਮਿਸ਼ਨਰ ਨੂੰ ਕਿਹਾ ਕਿ ਸੁਰੱਖਿਆ ਲਈ ਤਾਇਨਾਤ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ।
ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਡਰ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਸਮੂਲੀਅਤ ਕਰਨ ਅਤੇ ਕਿਧਰੇ ਵੀ ਕਿਸੇ ਕਿਸਮ ਦੀ ਸ਼ੱਕੀ ਕਾਰਵਾਈ ਦਾ ਪਤਾ ਲੱਗਦਿਆਂ ਤੁਰੰਤ ਇਸਦੀ ਸੂਚਨਾ ਪੁਲੀਸ ਨੂੰ ਦੇਣ।
ਸ੍ਰੀ ਸ਼ੁਕਲਾ ਅਤੇ ਹੋਰ ਅਧਿਕਾਰੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਲਈ ਅਤੇ ਆਜ਼ਾਦੀ ਦਿਵਸ ਸਮਾਗਮ ਵਾਲੀ ਥਾਂ ਦਾ ਵੀ ਦੌਰਾ ਕੀਤਾ।

ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਫੁੱਲ ਡਰੈੱਸ ਰਿਹਰਸਲ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। -ਫੋਟੋ: ਹਿਮਾਂਸ਼ੂ

ਲੁਧਿਆਣਾ (ਸਤਵਿਦਰ ਬਸਰਾ): ਜ਼ਿਲ੍ਹਾ ਪੱਧਰੀ 77ਵੇਂ ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸਥਾਨਕ ਐੱਸਸੀਡੀ ਸਰਕਾਰੀ ਕਾਲਜ ਵਿੱਚ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਹੋਣਗੇ। ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਰੂਪਦੀਪ ਕੌਰ, ਡੀਐੱਸਪੀ(ਅੰਡਰ ਟਰੇਨਿੰਗ) ਅਤੇ ਸੈਕਿੰਡ ਪਰੇਡ ਕਮਾਂਡਰ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਐੱਸਸੀਡੀ ਸਰਕਾਰੀ ਕਾਲਜ, ਸਿਵਲ ਲਾਈਨ, ਲੁਧਿਆਣਾ ਵਿੱਚ 77ਵੇਂ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸੈਂਕੜੇ ਵਿਦਿਆਰਥੀ ਸ਼ਾਨਦਾਰ ਪੀਟੀ ਸ਼ੋਅ ਵਿੱਚ ਹਿੱਸਾ ਲੈਣਗੇ, ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ।

Advertisement

Advertisement
Author Image

sukhwinder singh

View all posts

Advertisement
×