ਆਂਧਰਾ ਪ੍ਰਦੇਸ਼ ਨੂੰ ਭਵਿੱਖਮੁਖੀ ਤਕਨਾਲੋਜੀ ਦਾ ਕੇਂਦਰ ਬਣਾਉਣ ਦਾ ਸਮਾਂ: ਮੋਦੀ
ਵਿਸ਼ਾਖਾਪਟਨਮ, 8 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਡਿਜੀਟਲ ਮਾਧਿਅਮ ਰਾਹੀਂ ਐੱਨਟੀਪੀਸੀ ਗ੍ਰੀਨ ਐਨਰਜੀ ਲਿਮਿਟਡ ਦੇ ਅਤਿ ਆਧੁਨਿਕ ਗ੍ਰੀਨ ਹਾਈਡ੍ਰੋਜਨ ਹੱਬ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦੌਰਾਨ ਮੋਦੀ ਨੇ ਕਿਹਾ ਕਿ ਦੱਖਣੀ ਰਾਜ ਨੂੰ ਨਵੀਂ ਭਵਿੱਖਮੁਖੀ ਤਕਨਾਲੋਜੀ ਦਾ ਕੇਂਦਰ ਬਣਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਿਸ਼ਾਖਾਪਟਨਮ ਦੁਨੀਆ ਦੇ ਉਨ੍ਹਾਂ ਕੁਝ ਸ਼ਹਿਰਾਂ ਵਿੱਚ ਸ਼ਾਮਲ ਹੋਵੇਗਾ, ਜਿਨ੍ਹਾਂ ਵਿੱਚ ਇੰਨੇ ਵੱਡੇ ਪੱਧਰ ’ਤੇ ਗ੍ਰੀਨ ਹਾਈਡ੍ਰੋਜਨ ਉਤਪਾਦਨ ਦੀ ਸਹੂਲਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਗ੍ਰੀਨ ਹਾਈਡ੍ਰੋਜਨ ਸੈਂਟਰ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰੇਗਾ।
ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਇਹ ਪਹਿਲਾ ਗ੍ਰੀਨ ਹਾਈਡ੍ਰੋਜਨ ਹੱਬ ਹੈ। ਇਸ ਪ੍ਰਾਜੈਕਟ ਵਿੱਚ ਲਗਪਗ 1,85,000 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਉਨ੍ਹਾਂ ਆਂਧਰਾ ਪ੍ਰਦੇਸ਼ ਵਿੱਚ 19,500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਰੇਲਵੇ ਅਤੇ ਸੜਕੀ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਨੇ ਰੋਡ ਸ਼ੋਅ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਨੇ ਇਕੱਠੇ ਹੋ ਕੇ ਖੁੱਲ੍ਹੇ ਵਾਹਨ ’ਚ ਸਵਾਰ ਆਗੂਆਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪੂਰੇ ਰਸਤੇ ਨੂੰ ਟੀਡੀਪੀ, ਭਾਜਪਾ ਅਤੇ ਜਨਸੈਨਾ ਪਾਰਟੀ ਦੇ ਝੰਡਿਆਂ ਨਾਲ ਸਜਾਇਆ ਗਿਆ ਸੀ। ਸੰਪਤ ਵਿਨਾਇਕ ਮੰਦਰ ਤੋਂ ਸ਼ੁਰੂ ਹੋ ਕੇ ਰੋਡ ਸ਼ੋਅ ਆਂਧਰਾ ਯੂਨੀਵਰਸਿਟੀ ਦੇ ਇੰਜਨੀਅਰਿੰਗ ਕਾਲਜ ਮੈਦਾਨ ’ਤੇ ਪਹੁੰਚਿਆ, ਜਿੱਥੇ ਰੈਲੀ ਕੀਤੀ ਗਈ। -ਪੀਟੀਆਈ