ਨੌਜਵਾਨ ਸਫ਼ਲ ਹੋਣ ਦਾ ਜਨੂੰਨ ਪੈਦਾ ਕਰਨ: ਭਗਵੰਤ ਮਾਨ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 14 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ। ਆਤਮ ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ। ਇੱਥੇ ਅੱਜ ਇੱਕ ਕਾਲਜ ਵਿੱਚ ਕਰਵਾਏ ਯੁਵਕ ਮੇਲੇ ਦੌਰਾਨ ਉਨ੍ਹਾਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖਸੀਅਤ ਨੂੰ ਨਿਖਾਰਨ ਲਈ ਚੰਗਾ ਮੰਚ ਹਨ। ਯੁਵਕ ਮੇਲਿਆਂ ਨੇ ਹੀ ਉਨ੍ਹਾਂ ਨੂੰ ਬਤੌਰ ਕਲਾਕਾਰ ਅਤੇ ਸਿਆਸਤਦਾਨ ਵਜੋਂ ਵੱਡੇ ਮੁਕਾਮ ’ਤੇ ਪਹੁੰਚਾਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਸਫ਼ਲ ਹੋਣ ਦਾ ਜਨੂੰਨ ਪੈਦਾ ਕਰਨ। ਉਹ ਭੀੜ ਦਾ ਹਿੱਸਾ ਬਣਨ ਦੀ ਥਾਂ ਭੀੜ ਖਿੱਚਣ ਵਾਲੇ ਬਣਨ। ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਗਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸਿੱਖਿਆ ਨੂੰ ਕਿੱਤਾਮੁਖੀ ਬਣਾਉਣ ਲਈ ਸਿਲੇਬਸ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਆਪਣੇ ਸਾਥੀ ਕਲਾਕਾਰ ਕਰਮਜੀਤ ਅਨਮੋਲ ਨਾਲ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਸੁਣਾ ਕੇ ਸਰੋਤਿਆਂ ਤੋਂ ਵਾਹ-ਵਾਹ ਲੁੱਟੀ। ਉਨ੍ਹਾਂ ਕਿਹਾ ਕਿ ਇਹ ਕਵਿਤਾ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਆਪਣੇ ਕਾਲਜ ਦੇ ਦਿਨਾਂ ਵਿੱਚ ਉਹ ਇਸ ਨੂੰ ਸੁਣਾਇਆ ਕਰਦੇ ਸੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਉਣ।