For the best experience, open
https://m.punjabitribuneonline.com
on your mobile browser.
Advertisement

ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ

07:17 AM Sep 29, 2023 IST
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਤਹੱਈਆ
ਖਟਕੜ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਆਗੂ। -ਫੋਟੋ: ਮਲਕੀਅਤ ਸਿੰਘ
Advertisement

ਸੁਰਜੀਤ ਮਜਾਰੀ
ਬੰਗਾ, 28 ਸਤੰਬਰ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਸਮਾਗਮ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਹਰਜਿੰਦਰ ਪਾਲ ਸਿੰਘ ਗਿੱਲ, ਬਲਦੇਵ ਸਿੰਘ ਨਸਰਾਲਾ, ਰਵਿੰਦਰ ਸਿੰਘ, ਗੁਰਜੀਤ ਸਿੰਘ ਤੇ ਹਰਭਜਨ ਸਿੰਘ ਢੱਟ ਨੂੰ ਸਨਮਾਨਿਤ ਕੀਤਾ।

Advertisement

ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਮਲਕੀਅਤ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਭਗਤ ਸਿੰਘ ਜਿਹੀਆਂ ਨੇਕ ਰੂਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਇਸੇ ਕਰ ਕੇ ਸਕੂਲਾਂ ਦੇ ਸਿਲੇਬਸ ਵਿੱਚ ਢੁਕਵੀਂ ਤਬਦੀਲੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਉੱਤੇ ਚੱਲਦਿਆਂ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 36 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੂੰ ਝੋਨੇ ਦੇ ਅਗਾਮੀ ਸੀਜ਼ਨ ਲਈ 37 ਹਜ਼ਾਰ ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀਸੀਐੱਲ) ‘ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ 42 ਹਜ਼ਾਰ ਕਰੋੜ ਦੀ ਸੀਸੀਐੱਲ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖ਼ਰੀਦ ਯਕੀਨੀ ਬਣਾਏਗੀ। ਮਾਨ ਨੇ ਕਿਹਾ ਕਿ ਉਨ੍ਹਾਂ ਉੱਤਰੀ ਜ਼ੋਨਲ ਕੌਂਸਲ ਦੀ ਹਾਲੀਆ ਮੀਟਿੰਗ ਦੌਰਾਨ ਐੱਸਵਾਈਐੱਲ, ਚੰਡੀਗੜ੍ਹ ਤੇ ਸੂਬੇ ਨਾਲ ਸਬੰਧਤ ਹੋਰ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਸ ਲਈ ਸਰਕਾਰ ਪਹਿਲਾਂ ਹੀ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਗੜ੍ਹਸ਼ੰਕਰ ਨੇੜੇ ਸ਼ਹੀਦ ਭਗਤ ਸਿੰਘ ਦੇ ਨਾਨਕੇ ਘਰ ਵਿੱਚ ਮੈਮੋਰੀਅਲ, ਲਾਇਬਰੇਰੀ ਅਤੇ ਹੋਰ ਯਾਦਗਾਰਾਂ ਦੇ ਨਿਰਮਾਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਮਿਊਜ਼ੀਅਮ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜੇਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ ਅਤੇ ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

ਪਹਿਲਾਂ ਦੇ ਆਗੂਆਂ ਨੇ ਨਿੱਜੀ ਹਿੱਤਾਂ ਨੂੰ ਵਧੇਰੇ ਤਰਜੀਹ ਦਿੱਤੀ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ। ਮਾਨ ਨੇ ਕਿਹਾ ਕਿ ਖ਼ੁਦ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐੱਸਵਾਈਐੱਲ ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ।

Advertisement
Author Image

sukhwinder singh

View all posts

Advertisement
Advertisement
×