For the best experience, open
https://m.punjabitribuneonline.com
on your mobile browser.
Advertisement

ਟੌਹਰ ਟੱਪਾ: ਕਦੇ ਬੁਲੇਟ ਤੇ ਕਦੇ ਥਾਰ ਹੋਵੇ!

06:18 AM Dec 14, 2024 IST
ਟੌਹਰ ਟੱਪਾ  ਕਦੇ ਬੁਲੇਟ ਤੇ ਕਦੇ ਥਾਰ ਹੋਵੇ
ਕਾਰਟੂਨ: ਸੰਦੀਪ ਜੋਸ਼ੀ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 13 ਦਸੰਬਰ
ਪੰਜ ਵਰ੍ਹਿਆਂ ’ਚ ‘ਬੁਲੇਟ ਤੇ ਥਾਰ’ ਦਾ ਸ਼ੌਕ ਪੂਰਨ ਲਈ ਪੰਜਾਬੀਆਂ ਨੇ ਕਰੀਬ ਸੱਤ ਹਜ਼ਾਰ ਕਰੋੜ ਰੁਪਏ ਖ਼ਰਚ ਦਿੱਤੇ ਹਨ। ਮਹਿੰਦਰਾ ਐਂਡ ਮਹਿੰਦਰਾ ਕੰਪਨੀ ਨੇ ਅਕਤੂਬਰ 2020 ਵਿਚ ਥਾਰ ਜੀਪ ਨੂੰ ਲਾਂਚ ਕੀਤਾ ਸੀ। ਸਾਲ 2020-21 ਤੋਂ ਅਕਤੂਬਰ 2024 ਤੱਕ ਸਮੁੱਚੇ ਦੇਸ਼ ਵਿਚ 2.07 ਲੱਖ ਥਾਰ ਜੀਪਾਂ ਦੀ ਵਿਕਰੀ ਹੋਈ ਹੈ, ਜਦੋਂ ਕਿ ਇਕੱਲੇ ਪੰਜਾਬ ਵਿਚ ਇਨ੍ਹਾਂ ਪੰਜ ਵਰ੍ਹਿਆਂ ’ਚ 24,794 ਥਾਰ ਜੀਪਾਂ ਵਿਕੀਆਂ। ਪਹਿਲਾਂ ਤਿੰਨ ਤਾਕੀਆਂ ਵਾਲੀ ਅਤੇ ਹੁਣ ਪੰਜ ਤਾਕੀਆਂ ਵਾਲੀ ਥਾਰ ਬਾਜ਼ਾਰ ’ਚ ਹੈ। ਥਾਰ ਦੀ ਕੀਮਤ 13 ਲੱਖ ਤੋਂ 20 ਲੱਖ ਤੱਕ ਦੱਸੀ ਜਾ ਰਹੀ ਹੈ। ਪੰਜਾਬੀਆਂ ਨੇ ਕਤਾਰਾਂ ਬੰਨ੍ਹ ਕੇ ਇਹ ਖ਼ਰੀਦੀ। ਚਾਲੂ ਵਿੱਤੀ ਸਾਲ ਦੇ ਨਵੰਬਰ ਮਹੀਨੇ ਤੱਕ ਪੰਜਾਬ ਵਿਚ 5211 ਥਾਰ ਜੀਪਾਂ ਦੀ ਵਿਕਰੀ ਹੋਈ ਹੈ, ਜਦੋਂ ਕਿ ਸਾਲ 2023-24 ਵਿਚ 8951 ਥਾਰ ਜੀਪਾਂ ਵਿਕੀਆਂ ਸਨ। ਸਾਲ 2020-21 ’ਚ ਸਿਰਫ਼ 708 ਥਾਰ ਜੀਪਾਂ ਸੂਬੇ ’ਚ ਵਿਕੀਆਂ ਸਨ। ਇੰਝ ਹੀ ਸਾਲ 2021-22 ਵਿਚ 4354 ਅਤੇ ਸਾਲ 2022-23 ਵਿਚ 5570 ਥਾਰ ਜੀਪਾਂ ਦੀ ਵਿਕਰੀ ਹੋਈ। ਪ੍ਰਤੀ ਜੀਪ 15 ਲੱਖ ਦਾ ਖ਼ਰਚਾ ਵੀ ਮੰਨੀਏ ਤਾਂ ਇਨ੍ਹਾਂ ਪੰਜ ਵਰ੍ਹਿਆਂ ਵਿਚ 3719.10 ਕਰੋੜ ਰੁਪਏ ਖ਼ਰਚ ਕੀਤੇ। ਸਾਲ 2023-24 ਵਿਚ ਇਕੱਲੀ 13.71 ਫ਼ੀਸਦੀ ਥਾਰ ਦੀ ਵਿਕਰੀ ਪੰਜਾਬ ਵਿਚ ਰਹੀ ਹੈ। ਰਾਇਲ ਇਨਫੀਲਡ (ਬੁਲੇਟ) ਪੰਜਾਬ ’ਚ ਕਿਸੇ ਖ਼ਾਸ ਵਰਗ ਦਾ ਮੁਹਤਾਜ ਨਹੀਂ। ਬੁਲੇਟ ਦੀ ਸਦਾਬਹਾਰ ਮੰਗ ਪੰਜਾਬ ਵਿਚ ਰਹੀ ਹੈ। ਪੰਜਾਬ ਵਿਚ ਮੌਜੂਦਾ ਸਮੇਂ ’ਚ 5.01 ਲੱਖ ਬੁਲੇਟ ਮੋਟਰਸਾਈਕਲ ਰਜਿਸਟਰਡ ਹਨ, ਜਦੋਂ ਕਿ ਲੰਘੇ ਪੰਜ ਸਾਲਾਂ ’ਚ 1.90 ਲੱਖ ਬੁਲੇਟ ਵਿਕੇ ਹਨ। ਬੁਲੇਟ ਮੋਟਰਸਾਈਕਲ ਆਨ ਰੋਡ ਘੱਟੋ ਘੱਟ ਪੌਣੇ ਦੋ ਲੱਖ ਰੁਪਏ ’ਚ ਪੈਂਦਾ ਹੈ। ਦੇਸ਼ ’ਚ ਇਸ ਵੇਲੇ ਕੁੱਲ 38.58 ਕਰੋੜ ਵਾਹਨ ਰਜਿਸਟਰਡ ਹਨ, ਜਦੋਂ ਕਿ ਪੰਜਾਬ ’ਚ ਹਰ ਤਰ੍ਹਾਂ ਦੇ 1.42 ਕਰੋੜ ਵਾਹਨ ਹਨ, ਜੋ ਦੇਸ਼ ਦਾ ਕਰੀਬ 3.68 ਫ਼ੀਸਦੀ ਬਣਦੇ ਹਨ। ਸੂਬੇ ’ਚ ਅਨੁਮਾਨਿਤ 75 ਲੱਖ ਘਰ ਹਨ ਅਤੇ ਇਸ ਲਿਹਾਜ਼ ਨਾਲ ਔਸਤਨ ਹਰ ਘਰ ਦੋ ਵਾਹਨ ਖੜ੍ਹੇ ਹਨ। ਉਂਝ ਹਰ ਪੰਦ੍ਹਰਵੇਂ ਘਰ ਵਿਚ ਬੁਲੇਟ ਹੈ। ਪੰਜਾਬ ਦੇ ਲੋਕਾਂ ਨੇ ਲੰਘੇ ਪੰਜ ਸਾਲਾਂ ’ਚ ਬੁਲੇਟ ਦੀ ਖ਼ਰੀਦ ’ਤੇ ਕਰੀਬ 3327.25 ਕਰੋੜ ਰੁਪਏ ਖ਼ਰਚ ਕੀਤੇ ਹਨ। ਵੈਸੇ ਤਾਂ ਪੰਜਾਬ ਦੇ ਸਿਆਸੀ ਨੇਤਾਵਾਂ ਦੀ ਪਹਿਲੀ ਪਸੰਦ ਅੱਜ ਕੱਲ੍ਹ ਫਾਰਚੂਨਰ ਗੱਡੀ ਹੈ ਪ੍ਰੰਤੂ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਫਾਰਚੂਨਰ ਦੇ ਨਾਲ ਥਾਰ ਜੀਪ ਵੀ ਰੱਖੀ ਹੋਈ ਹੈ। ਇਸੇ ਤਰ੍ਹਾਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਕੋਲ ਵੀ ਥਾਰ ਜੀਪ ਹੈ। ਸ਼ੌਕ ਦੇ ਮਾਮਲੇ ’ਚ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਵੀ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕੋਲ ਤਿੰਨ ਜੀਪਾਂ, ਇੱਕ ਜੌਂਗਾ ਤੇ ਫਾਰਚੂਨਰ ਹੈ।
ਪੰਜਾਬ ਵਿਚ ਮੌਜੂਦਾ ਸਮੇਂ 99.50 ਲੱਖ ਮੋਟਰਸਾਈਕਲ ਤੇ ਸਕੂਟਰ ਹਨ ਅਤੇ ਖੇਤਾਂ ਵਿਚ 6.15 ਲੱਖ ਟਰੈਕਟਰ ਹਨ। ਸੜਕਾਂ ’ਤੇ 57,017 ਬੱਸਾਂ ਘੁੰਮ ਰਹੀਆਂ ਹਨ ਅਤੇ ਹਸਪਤਾਲਾਂ ਅੱਗੇ 3106 ਐਂਬੂਲੈਂਸਾਂ ਵੀ ਖੜ੍ਹੀਆਂ ਹਨ। ਦੂਸਰੇ ਪਾਸੇ ਨਜ਼ਰ ਮਾਰੀਏ ਤਾਂ ਪੰਜਾਬ ਸਿਰ ਕਰਜ਼ਾ ਇਸ ਵਿੱਤੀ ਵਰ੍ਹੇ ਦੇ ਅਖੀਰ ਤੱਕ ਪੌਣੇ ਚਾਰ ਲੱਖ ਕਰੋੜ ਨੂੰ ਛੂਹ ਜਾਣਾ ਹੈ।

Advertisement

Advertisement
Advertisement
Author Image

joginder kumar

View all posts

Advertisement