ਟਰੈਕਟਰ ਮਾਰਚ: ਬੀਕੇਯੂ ਉਗਰਾਹਾਂ ਨੇ ਤਿਆਰੀਆਂ ਵਿੱਢੀਆਂ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜਨਵਰੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਅਤੇ ਲਖੀਮਪੁਰ ਖੀਰੀ ਕਿਸਾਨਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਵਾਉਣ ਲਈ ਦੇਸ਼ ਭਰ ਦੇ ਜ਼ਿਲ੍ਹਿਆਂ ਵਿੱਚ 26 ਜਨਵਰੀ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ ਤੇ ਜ਼ਿਲ੍ਹਾ ਕਮੇਟੀ ਆਗੂ ਜਗਮੀਤ ਸਿੰਘ ਕਲਾਹੜ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਵੀਂ ਖੇਤੀ ਨੀਤੀ ਕਿਸਾਨ ਪੱਖੀ ਬਣਾਈ ਜਾਵੇ ਅਤੇ ਬਿਜਲੀ ਬਿੱਲ ਰੱਦ ਕਰਨ ਤੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਵਿਖੇ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਨਵੀਂ ਖੇਤੀ ਲਾਗੂ ਕਰਨ ਸਮੇਤ ਹੋਰ ਮੰਗਾਂ ਲਈ 22 ਜਨਵਰੀ ਤੋਂ ਪੰਜ ਰੋਜ਼ਾ ਮੋਰਚੇ ਦੀ ਤਿਆਰੀ ਲਈ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। 22 ਤੋਂ 26 ਜਨਵਰੀ ਤੱਕ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਮੋਰਚਾ ਲਾਉਣ ਲਈ ਪਿੰਡ ਫੱਲੇਵਾਲ ਅਤੇ ਨਾਰੰਗਵਾਲ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਜਗਮੀਤ ਸਿੰਘ ਕਲਾਹੜ, ਦਰਸ਼ਨ ਸਿੰਘ ਫੱਲੇਵਾਲ ਅਤੇ ਚਰਨਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਤੀ ਨੀਤੀ ਸਮੇਤ ਕਿਸਾਨਾਂ-ਮਜ਼ਦੂਰਾਂ ਦੀਆਂ ਸਾਰੀਆਂ ਭਖਵੀਂਆਂ ਮੰਗਾਂ ਲਾਗੂ ਕਰਨ ਦਾ ਵਾਅਦਾ ਕੀਤਾ ਸੀ, ਕਿਸਾਨ ਆਗੂਆਂ ਨੇ ਕਿਹਾ ਕਿ 21 ਜਨਵਰੀ ਤੱਕ ਨਵੀਂ ਕਿਸਾਨ ਪੱਖੀ ਨੀਤੀ ਲਾਗੂ ਕਰਨ ਦਾ ਵਾਅਦਾ ਪੂਰਾ ਕਰੇ। ਇਸ ਮੌਕੇ ਹਰਦੇਵ ਸਿੰਘ ਨਾਰੰਗਵਾਲ, ਨਿਰਮਲ ਸਿੰਘ ਫੱਲੇਵਾਲ, ਬਲਵੰਤ ਸਿੰਘ, ਮਹਿੰਦਰ ਸਿੰਘ ਨਾਰੰਗਵਾਲ, ਬੂਟਾ ਸਿੰਘ ਵੀ ਸ਼ਾਮਲ ਸਨ।
ਪਾਇਲ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 22 ਜਨਵਰੀ ਤੋਂ 26 ਜਨਵਰੀ ਤੱਕ ਜ਼ਿਲ੍ਹਾ ਪੱਧਰੀ ਮੋਰਚੇ ਦੀਆਂ ਤਿਆਰੀਆਂ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਅੱਜ ਪਿੰਡ ਸਿਆੜ ਵਿਖੇ ਪ੍ਰਧਾਨ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਮਾਸਟਰ ਰਾਜਿੰਦਰ ਸਿੰਘ ਸਿਆੜ, ਨਾਜ਼ਰ ਸਿੰਘ ਸਿਆੜ, ਜੋਰਾ ਸਿੰਘ, ਭਜਨ ਸਿੰਘ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਛੇਤੀ ਤੋਂ ਛੇਤੀ ਨਵੀਂ ਖੇਤੀ ਨੀਤੀ ਲਾਗੂ ਕਰੇ, ਖੇਤੀ ਲਈ ਸਸਤਾ ਕਰਜ਼ਾ ਦਿੱਤਾ ਜਾਵੇ। ਇਸ ਮੌਕੇ ਗੁਰਮੀਤ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।