ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਟਰੈਕਟਰ ਮਾਰਚ
ਹਰਜੀਤ ਸਿੰਘ ਪਰਮਾਰ
ਬਟਾਲਾ, 17 ਨਵੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਅੱਜ ਯੂਨੀਅਨ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਘੁਮਾਣ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਟਰੈਕਟਰ ਮਾਰਚ ਕੱਢਿਆ ਗਿਆ। ਇਸ ਵਿੱਚ ਜਥੇਬੰਦੀ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਸਿੰਘ ਮੈਹਮਾ, ਪ੍ਰੋ. ਬਾਵਾ ਸਿੰਘ ਪਟਿਆਲਾ, ਸੁੱਚਾ ਸਿੰਘ, ਅਬਦੁਲ ਪਟਿਆਲਾ ਅਤੇ ਬਾਬਾ ਮਾਨ ਸਿੰਘ ਮੜੀਆਂ ਵਾਲੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਟਰੈਕਟਰ ਮਾਰਚ ਯੂਨੀਅਨ ਦੇ ਦਫ਼ਤਰ ਉਮਰਪੁਰਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਤੱਕ ਜਾ ਕੇ ਸਮਾਪਤ ਹੋਇਆ।
ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 26 ਤੋਂ 28 ਨਵੰਬਰ ਨੂੰ ਕਿਸਾਨ ਸੰਪੂਰਨ ਕਰਜ਼ਾ ਮਾਫੀ, ਐੱਮਐੱਸਪੀ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ, ਕਿਸਾਨਾਂ ’ਤੇ ਪਰਾਲੀ ਦੇ ਕੇਸ ਰੱਦ ਕਰਵਾਉਣ ਆਦਿ ਮੰਗਾਂ ਮਨਵਾਉਣ ਲਈ ਚੰਡੀਗੜ੍ਹ ਵਿੱਚ ਇਕੱਠ ਕਰਨ ਜਾ ਰਹੇ ਹਨ। ਇਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਸਣੇ ਸ਼ਮੂਲੀਅਤ ਕਰੇਗੀ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਗੁਰਮੀਤ ਸਿੰਘ ਮੈਹਮਾ, ਪ੍ਰੋ. ਬਾਵਾ ਸਿੰਘ ਅਤੇ ਬਚਨ ਸਿੰਘ ਭੰਬੋਈ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਘੁਮਾਣ ਨੇ ਆਏ ਕਿਸਾਨਾਂ ਅਤੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਮੀਤ ਸਿੰਘ ਢਡਿਆਲਾ, ਡਾ. ਹਰਭਜਨ ਸਿੰਘ, ਬਲਰਾਜ ਸਿੰਘ, ਲਖਬੀਰ ਸਿੰਘ ਆਦਿ ਟਰੈਕਟਰ ਲੈ ਕੇ ਸ਼ਾਮਿਲ ਹੋਏ।