ਕੇਂਦਰੀ ਆਰਡੀਨੈਂਸਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਦਾ ਟਰੈਕਟਰ ਮਾਰਚ ਸ਼ੁਰੂ
ਸਰਬਜੀਤ ਸਿੰਘ ਭੰਗੂ
ਪਟਿਆਲਾ 27 ਜੁਲਾਈ
ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਐਕਟ 2020 ਸਮੇਤ ਤੇਲ ਕੀਮਤਾਂ ਵਿੱਚ ਵਾਧੇ ਅਤੇ ਕਈ ਹੋਰ ਕਿਸਾਨ ਤੇ ਲੋਕ ਵਿਰੋਧੀ ਮੱਦਾਂ ਨੂੰ ਲੈ ਕੇ ਪੰਜਾਬ ਦੀਆਂ 12 ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਪੰਜਾਬ ਭਰ ਵਿੱਚ ਟਰੈਕਟਰ ਮਾਰਚ ਸ਼ੁਰੂ ਕੀਤੇ ਗਏ ਹਨ। ਇਸ ਦੌਰਾਨ ਪੱਜਾਬ ਵਿਚਲੇ ਕੇਂਦਰੀ ਮੰਤਰੀਆਂ ਅਤੇ ਅਕਾਲੀ ਭਾਜਪਾ ਮੈਂਬਰ ਪਾਰਲੀਮੈਂਟਾਂ, ਵਿਧਾਇਕਾਂ ਸਮੇਤ ਇਨ੍ਹਾਂ ਦੋਵਾਂ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅਤੇ ਦਫਤਰਾਂ ਮੂਹਰੇ ਧਰਨੇ ਲਾਏ ਜਾ ਰਹੇ ਹਨ। ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੂਬਾਈ ਕਨਵੀਨਰ ਡਾਕਟਰ ਦਰਸ਼ਨ ਪਾਲ ਪਟਿਆਲਾ ਅਤੇ ਜਗਮੋਹਣ ਸਿੰਘ ਉਪਲ ਨੇ ਪੰਜਾਬ ਤੋਂ ਮਿਲੀਆਂ ਰਿਪੋਰਟਾਂ ਦੇ ਆਧਾਰ ‘ਤੇ ਦੱਸਿਆ ਕਿ ਪਟਿਆਲਾ ਸਮੇਤ ਬਹੁਤੇ ਥਾਈਂ ਇਹ ਮਾਰਚ ਸ਼ੁਰੂ ਹੋ ਚੁੱਕੇ ਹਨ। ਪਟਿਆਲਾ ਵਿੱਚ ਅਜਿਹਾ ਟਰੈਕਟਰ ਮਾਰਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਲੀਲਾ ਭਵਨ ਸਥਿਤ ਦਫ਼ਤਰ ਅਤੇ ਨਾਭਾ ਰੋਡ ‘ਤੇ ਰੱਖੜਾ ਵਿਖੇ ਸਥਿਤ ਘਰ ਦੇ ਬਾਹਰ ਤੱਕ ਕੀਤਾ ਜਾ ਰਿਹਾ ਹੈ। ਮਾਰਚ ਕਾਰਨ ਲੋਕਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।