ਬਲਰਾਜ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਦੂਜੇ ਦਿਨ ਵੀ ਆਵਾਜਾਈ ਠੱਪ ਕੀਤੀ
ਪੱਤਰ ਪ੍ਰੇਰਕ
ਬੋਹਾ, 11 ਜੁਲਾਈ
ਪਿੰਡ ਮਲਕੋਂ ਵਿੱਚ ਮੋਟਰ ਦੇ ਪਾਣੀ ਦੀ ਵਾਰੀ ਦੇ ਮਾਮਲੇ ਵਿੱਚ ਮਾਰੇ ਗਏ ਨੌਜਵਾਨ ਬਲਰਾਜ ਸਿੰਘ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਅੱਜ ਦੂਜੇ ਦਿਨ ਵੀ ਪੀੜਤ ਪਰਿਵਾਰਕ ਤੇ ਜਨਤਕ ਜਥੇਬੰਦੀਆਂ ਵੱਲੋਂ ਬੋਹਾ-ਬੁਢਲਾਡਾ ਮੁੱਖ ਮਾਰਗ ’ਤੇ ਆਵਾਜਾਈ ਰੋਕੀ ਗਈ। ਸੜਕ ਜਾਮ ਹੋਣ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਾ ਰੋਕੂ ਮੁਹਿੰਮ ਜ਼ਿਲ੍ਹਾ ਮਾਨਸਾ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਕਿਹਾ ਬੋਹਾ ਪੁਲੀਸ ਮੁਲਜ਼ਮ ਕਰਮਜੀਤ ਕੌਰ ਨੂੰ ਗ੍ਰਿਫਤਾਰ ਕਰਨ ਦੇ ਮਾਮਲੇ ਵਿੱਚ ਟਾਲ ਮਟੋਲ ਕਰਕੇ ਧਰਨੇ ’ਤੇ ਬੈਠੇ ਲੋਕਾਂ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਢੂ ਕੇ , ਬੀਕੇਯੂ (ਡਕੌਂਦਾ) ਦੇ ਬਲਾਕ ਪ੍ਰਧਾਨ ਮਹਿੰਦਰ ਸਿੰਘ, ਦਲ ਖਾਲਸਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਜਵਿੰਦਰ ਸਿੰਘ, ਜਥੇਬੰਦੀ ਵਾਰਿਸ ਪੰਜਾਬ ਦੇ ਆਗੂ ਪ੍ਰਦੀਪ ਸਿੰਘ, ਇੰਦਰਜੀਤ ਸਿੰਘ, ਬੀਕੇਯੂ (ਉਗਰਾਹਾਂ) ਦੇ ਗੁਰਮੇਲ ਸਿੰਘ ਦਲ ਖਾਲਸਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ ਸਾਬਤ ਹੋਈ ਹੈ। ਇਸ ਦੌਰਾਨ ਡੀਐੱਸਪੀ ਮਨਜੀਤ ਸਿੰਘ ਤੇ ਥਾਣਾ ਬੋਹਾ ਦੇ ਮੁਖੀ ਭੁਪਿੰਦਰਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ ਪਰ ਲੋਕ ਸੰਤੁਸ਼ਟ ਨਾ ਹੋਏ। ਧਰਨਾਕਾਰੀਆਂ ਨੇ ਮੁਲਜ਼ਮ ਮਹਿਲਾ ਦੀ ਗ੍ਰਿਫ਼ਤਾਰੀ ਹੋਣ ਤੱਕ ਧਰਨੇ ’ਤੇ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਆਖਿਆ ਕਿ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ।