ਜੈਵਿਕ ਖੇਤੀ ਬਾਰੇ ਸਿਖਲਾਈ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਦਸੰਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਖੇੜੀ ਵੱਲੋਂ ਕਿਸਾਨਾਂ ਦੀ ਮੰਗ ’ਤੇ ਕਣਕ ਦੀ ਜੈਵਿਕ ਖੇਤੀ ਅਤੇ ਗੰਡੋਆ ਖਾਦ ਤਿਆਰ ਕਰਨ ਬਾਰੇ ਇੱਕ-ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ 30 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਸਿਖਲਾਈ ਪ੍ਰੋਗਰਾਮ ਦੌਰਾਨ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ ਨੇ ਮੌਜੂਦਾ ਸਮੇਂ ਵਿੱਚ ਜੈਵਿਕ ਖੇਤੀ ਦੀ ਮਹੱਤਤਾ ਅਤੇ ਲੋੜ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਮੇਂ-ਸਮੇਂ ਸਿਰ ਕਿਸਾਨਾਂ ਦੀ ਮੰਗ ਮੁਤਾਬਿਕ ਟ੍ਰੇਨਿੰਗ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਜੈਵਿਕ ਖੇਤੀ ਨੂੰ ਆਪਣੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਪਾਰਕ ਪੱਧਰ ’ਤੇ ਵੀ ਕਰਨ ਦਾ ਸੁਝਾਅ ਦਿੱਤਾ। ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਰੁਕਿੰਦਰ ਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵਪਾਰਕ ਪੱਧਰ ’ਤੇ ਗੰਡੋਆ ਖਾਦ ਤਿਆਰ ਕਰਨ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ।
ਡਾਇਰੈਕਟਰ ਡਾ. ਅਮਰਜੀਤ ਸਿੰਘ ਮਾਨ ਮਨੁੱਖ ਦੀ ਚੰਗੀ ਸਿਹਤ ਲਈ ਜੈਵਿਕ ਖੇਤੀ ਦੀ ਲੋੜ ’ਤੇ ਜ਼ੋਰ ਦਿੱਤਾ। ਅਖੀਰ ਵਿੱਚ ਕਿਸਾਨਾਂ ਵੱਲੋਂ ਜੈਵਿਕ ਖੇਤੀ ਬਾਰੇ ਪੁੱਛੇ ਗਏ ਅਨੇਕਾਂ ਸਵਾਲਾ ਦੇ ਜਵਾਬ ਦਿੱਤੇ ਗਏ ਅਤੇ ਜੈਵਿਕ ਖੇਤੀ ਸਬੰਧੀ ਖੇਤੀ ਸਾਹਿਤ ਵੰਡਿਆ ਗਿਆ।