ਟਰਾਂਸਪੋਰਟ ਵਿਭਾਗ 750 ਨਵੀਆਂ ਬੱਸਾਂ ਖਰੀਦੇਗਾ: ਵਿੱਜ
ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 10 ਜਨਵਰੀ
ਹਰਿਆਣਾ ਦੇ ਟਰਾਂਸਪੋਰਟ, ਊਰਜਾ ਅਤੇ ਕਿਰਤ ਮੰਤਰੀ ਅਨਿਲ ਵਿੱਜ ਅੱਜ ਆਰਕੇਐੱਸਡੀ ਕਾਲਜ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਰਾਂਸਪੋਰਟ ਵਿਭਾਗ ਰਾਹੀਂ 750 ਬੱਸਾਂ ਖਰੀਦੀਆਂ ਜਾ ਰਹੀਆਂ ਹਨ। ਬਿਜਲੀ ਮੀਟਰਾਂ ਸਬੰਧੀ ਪੁੱਛੇ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਊਰਜਾ ਵਿਭਾਗ ਰਾਹੀਂ ਸਮਾਰਟ ਮੀਟਰ ਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਪ੍ਰੀਪੇਡ ਅਤੇ ਪੋਸਟਪੇਡ ਦੋਵੇਂ ਤਰ੍ਹਾਂ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ ਅਤੇ ਕਿਸਾਨ ਪੰਜਾਬ ਦੀ ਧਰਤੀ ’ਤੇ ਬੈਠੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਨਾ ਹੀ ਉਨ੍ਹਾਂ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਮੰਤਰੀ ਨੇ ਕਿਸਾਨਾਂ ਦੀ ਹਾਲਤ ਬਾਰੇ ਜਾਣਿਆ ਹੈ, ਜਦਕਿ ਕਿਸਾਨ ਆਗੂ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਚਿਹਰੇ ਮੁਰਝਾਏ ਹੋਏ ਨਜ਼ਰ ਆ ਰਹੇ ਹਨ, ਜਿਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ‘ਆਪ’ ਨੇ ਆਪਣੀ ਹਾਰ ਮੰਨ ਲਈ ਹੈ। ਉਨ੍ਹਾਂ ‘ਆਪ’ ਆਗੂਆਂ ਨੂੰ ਸਵਾਲ ਕੀਤਾ ਕਿ ਕੀ ਯੂਪੀ ਜਾਂ ਬਿਹਾਰ ਦੇ ਲੋਕ ਵਿਕਾਊ ਹਨ। ਇਸ ਮੌਕੇ ਡੀਸੀ ਕੈਥਲ ਪ੍ਰੀਤੀ, ਏਡੀਸੀ ਦੀਪਕ ਬਾਬੂ ਲਾਲ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਕਰਮਬੀਰ ਕੌਲ, ਜ਼ਿਲ੍ਹਾ ਭਾਜਪਾ ਪ੍ਰਧਾਨ ਮੁਨੀਸ਼ ਕਠਵਾਡ, ਡੀਐੱਮਸੀ ਸੁਸ਼ੀਲ ਕੁਮਾਰ ਮੌਜੂਦ ਸਨ।