ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀਆਂ
ਸੰਤੋਖ ਗਿੱਲ
ਗੁਰੂਸਰ ਸੁਧਾਰ, 16 ਅਗਸਤ
ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ‘ਪੱਗੜੀ ਸੰਭਾਲ ਜੱਟਾ ਲਹਿਰ’ ਦੇ ਮੋਢੀ ਆਗੂ ਚਾਚਾ ਅਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨੂੰ ਯਾਦ ਕੀਤਾ। ਜਮਹੂਰੀ ਕਿਸਾਨ ਸਭਾ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਡਾ. ਕੇਸਰ ਸਿੰਘ ਧਾਂਦਰਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਹਰਜੀਤ ਸਿੰਘ ਆਸੀ ਕਲਾਂ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਰਘਵੀਰ ਸਿੰਘ ਬੈਨੀਪਾਲ, ਡਾ. ਜਸਵਿੰਦਰ ਸਿੰਘ ਕਾਲਖ, ਹਰਨੇਕ ਸਿੰਘ ਗੁੱਜਰਵਾਲ ਅਤੇ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਨੇ ਕਿਹਾ ਕਿ ਜਦੋਂ 78 ਸਾਲ ਪਹਿਲਾਂ ਦੇਸ਼ ਨੂੰ ਆਜ਼ਾਦੀ ਮਿਲੀ ਸੀ ਤਾਂ ਉਸੇ ਸਮੇਂ ਆਜ਼ਾਦੀ ਘੁਲਾਟੀਏ ਚਾਚਾ ਅਜੀਤ ਸਿੰਘ ਡਲਹੌਜ਼ੀ ਵਿੱਚ ਆਪਣੇ ਆਖ਼ਰੀ ਸਵਾਸ ਲੈ ਕੇ ਦੁਨੀਆ ਨੂੰ ਅਲਵਿਦਾ ਆਖ ਗਏ।
ਆਗੂਆਂ ਨੇ ਇਹ ਵੀ ਕਿਹਾ ਕਿ ਆਜ਼ਾਦੀ ਦਾ ਲਾਭ ਦੇਸ਼ ਦੇ ਕਰੋੜਾਂ ਕਿਰਤੀ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਦੇ ਸੁਪਨਿਆਂ ਦੇ ਭਾਰਤ ਦੀ ਸਿਰਜਣਾ ਲਈ ਇਕਜੁੱਟ ਹੋ ਕੇ ਸੰਘਰਸ਼ ਦਾ ਸੱਦਾ ਦਿੱਤਾ।