ਮਹਾਤਮਾ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀਆਂ ਭੇਟ
ਨਵੀਂ ਦਿੱਲੀ, 2 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਅੱਜ ਗਾਂਧੀ ਜੈਯੰਤੀ ਮੌਕੇ ਮਹਾਤਮਾ ਗਾਂਧੀ ਅਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਵੱਲੋਂ ਇੱਥੇ ਕੌਮੀ ਰਾਜਧਾਨੀ ਵਿੱਚ ਗਾਂਧੀ ਤੇ ਸ਼ਾਸਤਰੀ ਦੀਆਂ ਯਾਦਗਾਰਾਂ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੀ ਸਭ ਤੋਂ ਮਸ਼ਹੂਰ ਸ਼ਖ਼ਸੀਅਤ ਕਰਾਰ ਦਿੱਤਾ। ਉਨ੍ਹਾਂ ‘ਐਕਸ’ ਉਤੇ ਕਿਹਾ ਕਿ ਸਤਿਕਾਰਤ ਬਾਪੂ ਦੀ ਜ਼ਿੰਦਗੀ ਅਤੇ ਸੱਚ, ਸਦਭਾਵਨ ਤੇ ਬਰਾਬਰੀ ’ਤੇ ਆਧਾਰਤ ਉਨ੍ਹਾਂ ਦੇ ਆਦਰਸ਼ ਹਮੇਸ਼ਾ ਦੇਸ਼ ਦੇ ਲੋਕਾਂ ਲਈ ਪ੍ਰੇਰਣਾ ਬਣੇ ਰਹਿਣਗੇ।
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਅੱਜ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਭਾਜਪਾ ਆਗੂਆਂ ਜੇਪੀ ਨੱਢਾ ਆਦਿ ਨੇ ਸੰਸਦ ਦੇ ਸੈਂਟਰ ਹਾਲ ਵਿੱਚ ਹੋਏ ਸ਼ਰਧਾਂਜਲੀ ਸਮਾਰੋਹ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। -ਪੀਟੀਆਈ
ਚੀਫ਼ ਜਸਟਿਸ ਨੇ ਵੀ ਗਾਂਧੀ ਤੇ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ
ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਗਾਂਧੀ ਜੈਯੰਤੀ ਮੌਕੇ ਅੱਜ ਇੱਥੇ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸੁਪਰੀਮ ਕੋਰਟ ਦੇ ਅਹਾਤੇ ਵਿੱਚ ਲੱਗੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਚੰਦਰਚੂੜ ਦੇ ਨਾਲ ਸੁਪਰੀਮ ਕੋਰਟ ਦੇ ਹੋਰ ਜੱਜਾਂ ਨੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ। -ਪੀਟੀਆਈ