ਮਹਾਤਮਾ ਗਾਂਧੀ ਨੂੰ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀਆਂ
ਖੇਤਰੀ ਪ੍ਰਤੀਨਿਧ
ਪਟਿਆਲਾ, 30 ਜਨਵਰੀ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਮਾਲ ਰੋਡ ’ਤੇ ਰਜਿੰਦਰਾ ਲੇਕ ਵਿੱਚ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ’ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਪੁਲੀਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਪੁੱਠੇ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ। ਡਿਪਟੀ ਕਮਿਸ਼ਨਰ ਨੇ ਮਹਾਤਮਾ ਗਾਂਧੀ ਦੇ ਸਮਾਰਕ ’ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਅਪਣਾਉਂਦਿਆਂ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਉਨ੍ਹਾਂ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ, ਐੱਸਡੀਐੱਮ ਗੁਰਦੇਵ ਸਿੰਘ ਧਮ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਦੇ ਸਬੰਧ ਵਿੱਚ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਦੇਸ਼ ਦਾ ਆਨੰਦ ਮਾਣ ਰਹੇ ਹਾਂ। ਇਸ ਮੌਕੇ ਡੀ.ਸੀ. ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀ ਸੀਨੀਅਰ ਸਹਾਇਕ ਮੋਹਿਤ ਕੁਮਾਰ, ਹੇਮੰਤ ਬਾਂਸਲ, ਅੰਮ੍ਰਿਤਪਾਲ ਸਿੰਘ, ਕੁਲਵਿੰਦਰ ਸਿੰਘ, ਗੁਰਪ੍ਰੀਤ ਕੌਰ, ਮਹਿਮਾ, ਨੇਹਾ, ਸਿਮਰਨ, ਜਸਪ੍ਰੀਤ ਕੌਰ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।
ਸੰਗਰੂਰ ’ਚ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਡੀਸੀ ਕੰਪਲੈਕਸ ਵਿੱਚ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡੀਸੀ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਪ੍ਰਸ਼ਾਸਨ ਤੇ ਪੁਲੀਸ ਦੇ ਵੱਖ-ਵੱਖ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਆਪਣੇ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੀ ਫ਼ਿਕਰ ਨਾ ਕਰਦਿਆਂ ਸਾਡੇ ਮਹਾਨ ਸੂਰਵੀਰਾਂ ਵੱਲੋਂ ਕੁਰਬਾਨੀਆਂ ਦਿੱਤੀਆਂ ਗਈ ਅਤੇ ਦੇਸ਼ ਨੂੰ ਆਜ਼ਾਦ ਕਰਵਾ ਕੇ ਸਾਨੂੰ ਆਜ਼ਾਦ ਫਿਜ਼ਾ ਪ੍ਰਦਾਨ ਕੀਤੀ। ਇਸ ਮੌਕੇ ਐੱਸ.ਡੀ.ਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਡੀ.ਐੱਸ.ਪੀ. ਦਲਜੀਤ ਸਿੰਘ ਵਿਰਕ, ਡੀ.ਐੱਸ.ਪੀ. ਹਰਪ੍ਰੀਤ ਸਿੰਘ ਤੋਂ ਇਲਾਵਾ ਡੀਸੀ ਦਫ਼ਤਰ ਦੀਆਂ ਸ਼ਾਖਾਵਾਂ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।