For the best experience, open
https://m.punjabitribuneonline.com
on your mobile browser.
Advertisement

ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

07:15 AM Oct 22, 2024 IST
ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਰੂਪਨਗਰ ਪੁਲੀਸ ਲਾਈਨ ਵਿੱਚ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ।
Advertisement

ਜਗਮੋਹਨ ਸਿੰਘ
ਰੂਪਨਗਰ, 21 ਅਕਤੂਬਰ
ਇੱਥੇ ਪੁਲੀਸ ਲਾਈਨ ਰੂਪਨਗਰ ਵਿੱਚ ਅੱਜ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਦੀ ਦੇਖ-ਰੇਖ ਅਧੀਨ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ ਸਿਰਜਣ ਵਿਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ ਜੋ ਪੁਲੀਸ ਵਿਭਾਗ ਲਈ ਪ੍ਰੇਰਨਾ ਦਾ ਸਰੋਤ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ ਨੇ ਕਿਹਾ ਕਿ ਪੁਲੀਸ ਮੁਲਾਜ਼ਮਾਂ ਦੀ ‌ਡਿਊਟੀ ਬਹੁਤ ਹੀ ਜੋਖਮ ਅਤੇ ਤਣਾਅ ਭਰੀ ਹੁੰਦੀ ਹੈ। ਉਨ੍ਹਾਂ ਪਿਛਲੇ ਦਿਨਾਂ ਦੌਰਾਨ ਪੁਲੀਸ ਹਿਰਾਸਤ ਵਿੱਚੋਂ ਨਾਬਾਲਗ ਭੱਜਣ ਦੀ ਘਟਨਾ ਵਾਪਰਨ ਉਪਰੰਤ ਦੋ ਮੁਲਾਜ਼ਮਾਂ ਵੱਲੋਂ ਕੀਤੀ ਖੁਦਕਸ਼ੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਵੀ ਪੁਲੀਸ ਮੁਲਾਜ਼ਮਾਂ ਦਾ ਖਾਸ ਖਿਆਲ ਰੱਖਿਆ ਜਾਣਾ ਚਾਹੀਦਾ ਹੈ ਅਤੇ ਜੇਕਰ ਕੋਈ ਮੁਲਾਜ਼ਮ ਕਿਸੇ ਤਰ੍ਹਾਂ ਦੇ ਮਾਨਸਿਕ ਤਣਾਅ ਵਿੱਚ ਦਿਖਾਈ ਦਿੰਦਾ ਹੈ ਤਾਂ ਉਸ ਦੀ ਕੌਂਸਲਿੰਗ ਕੀਤੀ ਜਾਣੀ ਹੈ ਅਤੇ ਇਸ ਸਬੰਧੀ ਸਬੰਧਤ ਜ਼ਿਲ੍ਹੇ ਦੇ ਮੁਖੀ ਨੂੰ ਵਿਸ਼ੇਸ਼ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੁਲੀਸ ਮੁਲਾਜ਼ਮਾਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਅੰਦਰ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸਮਾਗਮ ਦੌਰਾਨ ਪੁਲੀਸ ਦੀ ਟੁਕੜੀ ਵੱਲੋਂ ਸ਼ਹੀਦ ਜਵਾਨਾਂ ਨੂੰ ਸਲਾਮੀ ਦਿੱਤੀ ਗਈ ਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਇਸ ਉਪਰੰਤ ਐੱਸਐੱਸਪੀ, ਡਿਪਟੀ ਕਮਿਸ਼ਨਰ, ਜ਼ਿਲ੍ਹਾ ਤੇ ਸੈਸ਼ਨ ਜੱਜ ਰਮੇਸ਼ ਕੁਮਾਰੀ, ਐੱਸਪੀ ਰਾਜਪਾਲ ਸਿੰਘ ਹੁੰਦਲ, ਐੱਸਪੀ ਰੁਪਿੰਦਰ ਕੌਰ ਸਰਾਂ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਰੂਪਨਗਰ ਅਸੀਸ਼ ਕੁਮਾਰ ਠਠਈ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਖਵਿੰਦਰ ਸਿੰਘ, ਪੁਲੀਸ ਲਾਇਨ ਅਤੇ ਸਮੂਹ ਡੀਐੱਸਪੀਜ਼ ਸਣੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਵੱਲੋਂ ਪੁਲੀਸ ਸ਼ਹੀਦੀ ਸਮਾਰਕ ’ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ। ਐੱਸਪੀ ਮਨਵੀਰ ਸਿੰਘ ਬਾਜਵਾ ਨੇ 1 ਸਤੰਬਰ, 2023 ਤੋਂ ਲੈ ਕੇ 31 ਅਗਸਤ, 2024 ਤੱਕ ਡਿਊਟੀ ਦੌਰਾਨ ਸ਼ਹੀਦ ਹੋਏ 213 ਪੁਲੀਸ ਅਤੇ ਨੀਮ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਸ਼ਹੀਦੀ ਸਮਾਗਮ ਦੇ ਅਖੀਰ ਵਿੱਚ ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਐੱਸਏਐੱਸ ਨਗਰ (ਪੱਤਰ ਪ੍ਰੇਰਕ): ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੂਪਨਗਰ ਰੇਂਜ ਦੇ ਡੀਆਈਜੀ ਨੀਲਾਂਬਰੀ ਜਗਦਲੇ ਅਤੇ ਐੱਸਐੱਸਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ ਅਤੇ 27 ਸ਼ਹੀਦ ਪਰਿਵਾਰਾਂ ਨੂੰ ਸਨਮਾਨਿਆ। ਡੀਆਈਜੀ ਨੀਲਾਂਬਰੀ ਜਗਦਲੇ ਨੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੁਲੀਸ ਬਲ ਅਤੇ ਨੀਮ-ਫੌਜੀ ਬਲਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ। ਪੁਲੀਸ ਯਾਦਗਾਰੀ ਦਿਵਸ ਪਰੇਡ ਦੀ ਅਗਵਾਈ ਡੀਐੱਸਪੀ ਜਤਿੰਦਰ ਚੌਹਾਨ ਨੇ ਕੀਤੀ। ਐੱਸਪੀ (ਦਿਹਾਤੀ) ਮਨਪ੍ਰੀਤ ਸਿੰਘ ਨੇ ਪਿਛਲੇ ਸਾਲ ਆਪਣੀਆਂ ਜਾਨਾਂ ਵਾਰਨ ਵਾਲੇ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਨਾਂ ਪੜ੍ਹ ਕੇ ਸੁਣਾਏ।

Advertisement

ਪੁਲੀਸ ਮੁਲਾਜ਼ਮਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ: ਡਾ. ਗਰੇਵਾਲ

ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਅਤੇ ਹੋਰ ਅਧਿਕਾਰੀ ਸ਼ਹੀਦ ਦੇ ਪਰਿਵਾਰ ਦਾ ਸਨਮਾਨ ਕਰਦੇ ਹੋਏ।

ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਪੰਜਾਬ ਪੁਲੀਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਲਾਈਨ ਮਹਾਦੀਆਂ ਵਿਖੇ ਕਰਵਾਏ ਗਏ ‘ਸ਼ਹੀਦੀ ਦਿਵਸ ਸਮਾਗਮ’ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਪੁਲੀਸ ਕਰਮੀਆਂ ਨੂੰ ਸ਼ਹੀਦਾਂ ਤੋਂ ਸੇਧ ਲੈ ਕੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਆਖੀ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀਐੱਸਪੀ ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ। ਇਸ ਮੌਕੇ ਡੀਐੱਸਪੀ ਨਿਖਿਲ ਗਰਗ ਨੇ ਸ਼ਹੀਦ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਦੇ ਨਾਮ ਪੜ੍ਹੇ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸਪੀ (ਡੀ) ਰਾਕੇਸ਼ ਯਾਦਵ, ਡੀਐੱਸਪੀ ਰਮਿੰਦਰ ਸਿੰਘ ਕਾਹਲੋਂ, ਗੁਰਦੀਪ ਸਿੰਘ, ਗੁਰਦੀਪ ਸਿੰਘ ਦਿਓਲ, ਹਰਤੇਸ਼ ਕੌਸ਼ਿਕ ਅਤੇ ਡੀਏ ਕੁਲਵਿੰਦਰ ਸਿੰਘ ਬਾਜਵਾ ਹਾਜ਼ਰ ਸਨ।

Advertisement

Advertisement
Author Image

Advertisement