ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀਆਂ
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਦਸੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਦੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਅੱਜ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਇਕੋ ਸਮੇਂ ਸ਼ਰਧਾ ਦੇ ਫੁੱਲ ਭੇਟ ਕਰ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਾਰੇ ਸਕੂਲਾਂ ਵਿਚ ਸਵੇਰੇ 11 ਵਜੇ ਇਕੋ ਸਮੇਂ ਰੱਖਿਆ ਗਿਆ ਸੀ।
ਇਸ ਦਾ ਇੰਚਾਰਜ ਕਮੇਟੀ
ਮੈਂਬਰ ਪਰਵਿੰਦਰ ਸਿੰਘ ਲੱਕੀ ਨੂੰ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਸ਼ਬਦ ‘ਵਾਟਾਂ ਲੰਮੀਆਂ ਤੇ ਰਸਤਾ ਪਹਾੜ ਦਾ’ ਦਾ ਇਕੋ ਸਮੇਂ ਗਾਇਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਅਮੀਰ ਇਤਿਹਾਸ ਤੋਂ ਜਾਣੂ ਕਰਵਾਉਣਾ ਤੇ ਵਿਦਿਆਰਥੀਆਂ ਵਿਚ ਪ੍ਰੇਰਨਾ, ਉਤਸ਼ਾਹ, ਹੌਸਲਾ, ਦਲੇਰੀ ਤੇ ਬਹਾਦਰੀ ਦੀ ਭਾਵਨਾ ਪੈਦਾ ਕਰਨਾ ਸੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਹੀ ਸਫਲ ਸਾਬਤ ਹੋਇਆ ਹੈ ਜੋ ਦਿੱਲੀ ਗੁਰਦੁਆਰਾ ਕਮੇਟੀ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।