ਸੁਤੰਤਰਤਾ ਸੰਗਰਾਮ ਦੇ ਯੋਧਿਆਂ ਨੂੰ ਸ਼ਰਧਾਂਜਲੀਆਂ
ਐੱਨਪੀ ਧਵਨ
ਪਠਾਨਕੋਟ, 30 ਜਨਵਰੀ
ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਕੁਰਬਾਨ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਬਲੀਦਾਨ ਦਿਵਸ ਮਨਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ 2 ਮਿੰਟ ਦਾ ਮੌਨ ਧਾਰ ਕੇ ਦੇਸ਼ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸ਼ਰਧਾਂਜਲੀ ਦੇਣ ਵਾਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ, ਐੱਸਡੀਐੱਮ ਧਾਰਕਲਾਂ ਮੇਜਰ ਡਾ. ਸੁਮਿਤ ਮੁਧ, ਜ਼ਿਲ੍ਹਾ ਮਾਲ ਅਫਸਰ ਪਵਨ ਕੁਮਾਰ ਅਤੇ ਹੋਰ ਅਧਿਕਾਰੀ ਤੇ ਸਟਾਫ ਮੈਂਬਰ ਸ਼ਾਮਲ ਸਨ। ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਸਭਨਾਂ ਨੂੰ ਦੇਸ਼ ਅੰਦਰ ਅਮਨ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ ਅੱਗੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ, ਅਨੁਸ਼ਾਸਨ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਤਰਨ ਤਾਰਨ(ਗੁਰਬਖਸ਼ਪੁਰੀ): ਇਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਦੀ ਅਗਵਾਈ ਵਿੱਚ ਸ਼ਰਧਾਂਜਲੀਆਂ ਭੇਟ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਤਰਤਾ ਕੀਤੀ।
ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ
ਗੁਰਦਾਸਪੁਰ(ਕੇਪੀ ਸਿੰਘ): ਇਥੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲੀਸ ਜਵਾਨਾਂ ਅਤੇ ਆਮ ਜਨਤਾ ਨੇ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਪੁਲੀਸ ਜਵਾਨਾਂ ਵੱਲੋਂ ਬਿਗਲ ਵਜਾਇਆ ਗਿਆ ਅਤੇ 2 ਮਿੰਟ ਲਈ ਮੌਨ ਧਾਰਿਆ ਗਿਆ। ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ਮਹਾਮਤਾ ਗਾਂਧੀ ਦੀ ਤਸਵੀਰ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ’ਤੇ ਮਾਣ ਹੈ।