For the best experience, open
https://m.punjabitribuneonline.com
on your mobile browser.
Advertisement

ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

09:09 AM Oct 22, 2024 IST
ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਅਕਤੂਬਰ
ਪੰਜਾਬ ਪੁਲੀਸ ਅਤੇ ਅਰਧ-ਸੈਨਿਕ ਬਲਾਂ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਸਥਾਨਕ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਪੁਲੀਸ ਯਾਦਗਾਰੀ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਸਣੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਸ਼ਹੀਦ ਪੁਲੀਸ ਜਵਾਨਾਂ ਦੇ ਪਰਿਵਾਰਾਂ ਦਾ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲਿਆ ਗਿਆ ਤੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਹੱਲ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਸੋਗ ਪਰੇਡ ਦਿਵਸ (ਪੁਲੀਸ ਕੋਮੈਮੋਰੇਸ਼ਨ ਡੇਅ ਪਰੇਡ) ਦੌਰਾਨ ਪੁਲੀਸ ਦੀ ਪਰੇਡ ਟੁਕੜੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਦੀ ਸਰਵਉਚ ਕੁਰਬਾਨੀ ਪ੍ਰਤੀ ਸਤਿਕਾਰ ਸਹਿਤ ਸਿਰ ਝੁਕਾਉਂਦੇ ਹਾਂ।
ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਪਰਿਵਾਰ ਹਨ ਅਤੇ ਪੁਲੀਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਦੁੱਖ-ਸੁੱਖ ਦੀ ਹਰ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਏਡੀਸੀ (ਵਿਕਾਸ) ਸੁਖਚੈਨ ਸਿੰਘ ਪਾਪੜਾ, ਐਸਪੀ ਪਲਵਿੰਦਰ ਸਿੰਘ ਚੀਮਾ, ਐਸਪੀ ਨਵਰੀਤ ਸਿੰਘ ਵਿਰਕ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਅਤੇ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisement

ਸ਼ਹੀਦਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ

ਸ਼ਹੀਦਾਂ ਦੇ ਪਰਿਵਾਰਾਂ ਦੀਆਂ ਤਕਲੀਫ਼ਾਂ ਸੁਣਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ।

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਪੁਲੀਸ ਯਾਦਗਾਰੀ ਦਿਵਸ ਮੌਕੇ ਮਾਲੇਰਕੋਟਲਾ ਪੁਲੀਸ ਵੱਲੋਂ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਵਿੱਚ ਸ਼ਹੀਦੀ ਸਮਾਰਕ ’ਤੇ ਪੁਲੀਸ ਅਤੇ ਅਰਧ-ਸੁਰੱਖਿਆ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਿਵੀਜ਼ਨ ਰੂਪਾ ਧਾਲੀਵਾਲ, ਸਹਾਇਕ ਕਮਿਸ਼ਨਰ ਗਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ। ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲੀਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਜ਼ਿਲ੍ਹਾ ਪੁਲੀਸ ਮੁਖੀ ਨੇ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ ਅਤੇ ਜ਼ਿਲ੍ਹੇ ਦੇ 10 ਸ਼ਹੀਦ ਪੁਲੀਸ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ। ਇਸ ਤੋਂ ਪਹਿਲਾਂ ਡੀਐੱਸਪੀ (ਐਚ) ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਅਧੀਨ ਟੁਕੜੀ ਨੇ ਸਲਾਮੀ ਦਿੱਤੀ ਤੇ ਟੁਕੜੀ ਵੱਲੋਂ ਹਥਿਆਰ ਪੁੱਠੇ ਕਰ ਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Advertisement

Advertisement
Author Image

Advertisement