ਪੁਲੀਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਨਿੱਜੀ ਪੱਤਰ ਪ੍ਰੇਰਕ
ਮੋਗਾ, 21 ਅਕਤੂਬਰ
ਇਥੇ ਪੁਲੀਸ ਯਾਦਗਰੀ ਦਿਵਸ ਮੌਕੇ ਸੂਬੇ ’ਚ ਕਾਲੇ ਦੌਰ ਦੌਰਾਨ ਅਤੇ 21 ਅਕਤੂਬਰ, 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿੱਚ ਦੇਸ਼ ਦੀ ਸਰਹੱਦ ਦੀ ਰਾਖੀ ਕਰਦਿਆਂ ਸ਼ਹਾਦਤਾਂ ਪ੍ਰਾਪਤ ਵਾਲੇ ਸ਼ਹੀਦ ਪੁਲੀਸ ਅਧਿਕਾਰੀਆਂ ਤੇ ਜਵਾਨਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਦੀ ਅਗਵਾਈ ਹੇਠ ਪੁਲੀਸ ਟੁਕੜੀ ਨੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਡੀਐੱਸਪੀ ਬਾਘਾਪੁਰਾਣਾ ਦਲਬੀਰ ਸਿੰਘ ਨੇ ਸ਼ਹੀਦ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ/ ਕਰਮਚਾਰੀਆਂ ਦਾ ਨਾਮ ਪੜ੍ਹ ਕੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਐੱਸਐੱਸਪੀ ਅਜੈ ਗਾਂਧੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਸਾਂਤੀ ਲਈ ਸ਼ਹੀਦ ਪੁਲੀਸ ਜਵਾਨਾਂ ਦਾ ਅਹਿਮ ਯੋਗਦਾਨ ਹੈ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲੀਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਅੱਤਵਾਦ ਦੌਰਾਨ ਮੋਗਾ ਪੁਲੀਸ ਦੇ 39 ਜਵਾਨ ਸ਼ਹੀਦ ਹੋਏ ਸਨ, ਜ਼ਿਲ੍ਹਾ ਪੁਲੀਸ ਹਮੇਸ਼ਾਂ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।
ਬਠਿੰਡਾ (ਪੱਤਰ ਪ੍ਰੇਰਕ): ਸਥਾਨਕ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪੱਧਰੀ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਪੁਲੀਸ, ਸਿਵਲ ਪ੍ਰਸ਼ਾਸਨ ਤੇ ਜੁਡੀਸ਼ਰੀ ਦੇ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਸ਼ਹੀਦੀ ਸਮਾਗਮ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸੂਬੇ ਤੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜ਼ਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮੁਕਤਸਰ ਜ਼ਿਲ੍ਹੇ ਦੇ ਸ਼ਹੀਦ ਪੁਲੀਸ ਜਵਾਨਾਂ ਨੂੰ ਜ਼ਿਲ੍ਹਾ ਪੁਲੀਸ ਮੁਖੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪੁਲੀਸ ਬੈਂਡ ਨੇ ਮਾਤਮੀ ਧੁਨਾਂ ’ਤੇ ਸ਼ੋਕ ਸਲਾਮੀ ਦਿੱਤੀ ਜਦ ਕਿ ਡੀਐੱਸਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲੀਸ ਟੁਕੜੀ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ। ਇਸ ਮੌਕੇ ਤੁਸ਼ਾਰ ਗੁਪਤਾ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਜੋ ਪੁਲੀਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ।
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ
ਮਾਨਸਾ (ਪੱਤਰ ਪ੍ਰੇਰਕ):
ਪੁਲੀਸ ਲਾਈਨਜ਼ ਮਾਨਸਾ ਵਿੱਚ ਅੱਜ ਜ਼ਿਲ੍ਹਾ ਪੱਧਰੀ ਪੁਲੀਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਅਧਿਕਾਰੀਆਂ ਦੇ ਨਾਲ-ਨਾਲ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਦੌਰਾਨ ਐਸ.ਐਸ.ਪੀ ਭਗੀਰਥ ਸਿੰਘ ਮੀਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਪਤਾਨ ਪੁਲੀਸ (ਸ) ਜਸਕੀਰਤ ਸਿੰਘ ਅਹੀਰ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਦੇ ਨਾਮ ਪੜ੍ਹ ਕੇ ਸੁਣਾਏ। ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਰਿਆਂ ਨੂੰ ਕਿਸੇ ਵੀ ਮੁਸੀਬਤ ਦਾ ਡੱਟ ਕੇ ਸਾਹਮਣਾ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਦੌਰਾਨ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।