ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਖੱਜਲ-ਖੁਆਰੀ
ਪੱਤਰ ਪ੍ਰੇਰਕ
ਜਲੰਧਰ, 27 ਜੂਨ
ਇੱਥੇ ਅੱਜ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ‘ਤੇ ਹੜਤਾਲ ਕਰਕੇ ਦੋਵਾਂ ਡਿੱਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ ਜਿਸ ਕਾਰਨ ਯਾਤਰੀਆਂ ਨੂੰ ਬੜੀ ਪ੍ਰੇਸ਼ਾਨੀ ਦੀ ਸਾਹਮਣਾ ਕਰਨਾ ਪਿਆ। ਜਦੋਂ ਕਿ ਸ਼ਾਮ ਨੂੰ ਮੁਲਾਜ਼ਮਾਂ ਦੇ ਹੜਤਾਲ ਵਾਪਸ ਲੈਣ ਮਗਰੋਂ ਲੋਕਾਂ ਨੇ ਸੁਖ ਦਾ ਸਾਹ ਲਿਆ। ਅੱਜ ਨਿੱਜੀ ਬੱਸਾਂ ਵਿਚ ਕਾਫੀ ਭੀੜ ਦੇਖਣ ਨੂੰ ਮਿਲੀ। ਕਈ ਰੂਟਾਂ ‘ਤੇ ਤਾਂ ਸਵਾਰੀਆਂ ਬੱਸਾਂ ਦੀਆਂ ਛੱਤਾਂ ‘ਤੇ ਵੀ ਸਫਰ ਕਰਦੀਆਂ ਦੇਖੀਆਂ ਗਈਆਂ। ਇਸ ਦੌਰਾਨ ਪ੍ਰਧਾਨ ਸੱਤਪਾਲ ਸਿੰਘ ਨੇ ਕਿਹਾ ਕਿ ਜਦੋਂ ਦੀ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਟਰਾਂਸਪੋਰਟ ਵਿਭਾਗ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸਗੋਂ ਪਹਿਲਾਂ ਨਾਲੋਂ ਵੀ ਮਾੜੇ ਹਾਲਾਤ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 19 ਦਸੰਬਰ ਨੂੰ ਮੁੱਖ ਸਕੱਤਰ, ਫਿਰ ਜਲੰਧਰ ਜ਼ਿਮਨੀ ਚੋਣਾਂ ਦੌਰਾਨ ਦੋ ਵਾਰ ਮੁੱਖ ਮੰਤਰੀ ਅਤੇ 15 ਮਈ ਨੂੰ ਮੁੱਖ ਮੰਤਰੀ ਦੇ ਨਿਰਦੇਸ਼ ਅਧੀਨ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ 18 ਮਈ ਨੂੰ ਸਬ-ਕਮੇਟੀ ਨਾਲ ਮੀਟਿੰਗ ਉਪਰੰਤ ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ ਨਾਲ ਦੋ ਮੀਟਿੰਗਾਂ ਹੋਈਆਂ।
ਇਸੇ ਦੌਰਾਨ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਸਰਕਾਰ ਵਿਚਕਾਰ ਅੱਜ ਹੋਈ ਮੀਟਿੰਗ ਵਿਚ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ ਤੇ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਰਾਤ ਹੜਤਾਲ ਖਤਮ ਕਰਨ ਦਾ ਐਲਾਨ ਕਰਦੇ ਹੋਏ ਕਿਹਾ ਹੈ ਕਿ 28 ਜੂਨ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਦੀਆਂ ਬੱਸਾਂ ਸੜਕਾਂ ‘ਤੇ ਦੌੜਨਗੀਆਂ। ਇਸ ਮੌਕੇ ਦਲਜੀਤ ਸਿੰਘ ਕੁਲਵਿੰਦਰ ਸਿੰਘ ਰਾਮ ਚੰਦ ਮਹਿੰਦਰ ਸਿੰਘ ਮਲਕੀਤ ਸਿੰਘ ਆਗੂ ਅਤੇ ਹੋਰ ਕਾਫੀ ਸਾਥੀ ਹਾਜ਼ਰ ਸਨ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੂਨੀਅਨ ਵਲੋਂ ਦਿੱਤੇ ਸੱਦੇ ‘ਤੇ ਅੱਜ ਹੁਸ਼ਿਆਰਪੁਰ ਡਿਪੂ ਦੇ ਮੁਲਾਜ਼ਮਾਂ ਨੇ ਹੜਤਾਲ ਕਰਕੇ ਸਰਕਾਰ ਦੇ ਖਿਲਾਫ਼ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਜਥੇਬੰਦੀ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਨਕਸ਼ੇ ਕਦਮ ‘ਤੇ ਚੱਲ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਣ ਵਿਚ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਮੁੱਖ ਸਕੱਤਰ ਨਾਲ ਮੀਟਿੰਗ ਹੋਈ ਸੀ ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੇਕਰ ਸਰਕਾਰ ਕੋਈ ਫ਼ੈਸਲਾ ਨਹੀਂ ਲੈਂਦੀ ਤਾਂ 28 ਜੂਨ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਰੀਆਂ ਦੀ ਹੜਤਾਲ ਕਾਰਨ ਜੋ ਖੱਜਲ ਖੁਆਰੀ ਹੋਈ ਹੈ, ਉਸ ਲਈ ਸਰਕਾਰ ਹੀ ਜ਼ਿੰਮੇਵਾਰ ਹੈ। ਬਸਾਂ ਨਾ ਚੱਲਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੁਫ਼ਤ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ਦਾ ਸਹਾਰਾ ਲੈਣਾ ਪਿਆ। ਕਈ ਸਵਾਰੀਆਂ ਨੂੰ ਬੱਸ ਸਟੈਂਡ ਤੋਂ ਵਾਪਿਸ ਮੁੜਦੇ ਵੇਖਿਆ ਗਿਆ।
ਪਠਾਨਕੋਟ (ਪੱਤਰ ਪ੍ਰੇਰਕ): ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਾ ਕਰਨ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬਸ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ 2 ਦਿਨ ਚੱਕਾ ਜਾਮ ਦੇ ਸੱਦੇ ਨੂੰ ਲੈ ਕੇ ਪਹਿਲੇ ਦਿਨ ਹੜਤਾਲ ਕਰਕੇ ਰੋਡਵੇਜ਼ ਵਰਕਸ਼ਾਪ ਮੂਹਰੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਜੋਗਿੰਦਰ ਪਾਲ ਦੀਪੂ, ਪ੍ਰਧਾਨ ਸੁਖਵਿੰਦਰ ਸਿੰਘ, ਕਮਲ ਜੋਤੀ, ਰਾਜ ਕੁਮਾਰ, ਗੁਰਮੀਤ ਸਿੰਘ, ਸਿਮਰਨ ਸਿੰਘ, ਬਲਵਿੰਦਰ ਸਿੰਘ, ਪਵਨ ਕੁਮਾਰ ਆਦਿ ਆਗੂ ਹਾਜ਼ਰ ਸਨ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਦੁੱਖ ਦੀ ਗੱਲ ਹੈ ਕਿ ਮਾਨ ਸਰਕਾਰ ਨੇ ਰੈਗੂਲਰ ਤਾਂ ਕੀ ਕਰਨਾ ਸੀ ਸਗੋਂ 9100 ਰੁਪਏ ਮਹੀਨਾ ਤਨਖਾਹ ਦੇ ਨਾਂ ਤੇ ਸਿੱਧੀ ਭਰਤੀ ਸ਼ੁਰੂ ਕਰ ਦਿੱਤੀ ਹੈ ਜੋ ਕਿ ਇੱਕ ਅਨਿਆ ਹੈ। ਉਨ੍ਹਾਂ ਕਿਹਾ ਕਿ ਛੋਟੀ-ਮੋਟੀ ਰਿਪੋਰਟ ਕਾਰਨ ਜੋ ਮੁਲਾਜ਼ਮ ਕੱਢੇ ਗਏ ਸਨ, ਉਨ੍ਹਾਂ ਨੂੰ ਵੀ ਅਜੇ ਬਹਾਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਆਗੂ ਚੋਣਾਂ ਤੋਂ ਪਹਿਲਾਂ ਵਾਅਦੇ ਕਰਦੇ ਸਨ ਕਿ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਮੁਲਾਜ਼ਮਾਂ ਨੂੰ ਧਰਨੇ ਨਹੀਂ ਲਗਾਉਣੇ ਪੈਣਗੇ ਪਰ ਸਰਕਾਰ ਬਣਨ ਤੋਂ ਬਾਅਦ ਉਲਟਾ ਮੁਲਾਜ਼ਮ ਵਰਗ ਹੋਰ ਪ੍ਰੇਸ਼ਾਨ ਹੋ ਗਿਆ ਹੈ ਅਤੇ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕਰ ਰਹੀ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਫਿਰ ਮੁੱਖ ਮੰਤਰੀ ਦਾ ਘਿਰਾਓ ਵੀ ਕੀਤਾ ਜਾਵੇਗਾ।
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ ‘ਤੇ ਕੀਤੀ ਹੜਤਾਲ ਕਾਰਨ ਸਰਹੱਦੀ ਜ਼ਿਲ੍ਹੇ ਵਿੱਚ ਬੱਸ ਸੇਵਾ ਠੱਪ ਹੋਣ ਕਾਰਨ ਯਾਤਰੀਆਂ ਨੂੰ ਖੱਜਲ-ਖੁਆਰ ਹੋਣਾ ਪਿਆ। ਲੇਕਿਨ ਸ਼ਾਮ ਵੇਲੇ ਇਹ ਹੜਤਾਲ ਖਤਮ ਕਰ ਦਿੱਤੀ ਗਈ। ਪਨਬੱਸ ਅਤੇ ਪੰਜਾਬ ਰੋਡਵੇਜ਼ ਦੀਆਂ 250 ਤੋਂ ਵੱਧ ਬੱਸਾਂ ਦੇਰ ਸ਼ਾਮ ਤੱਕ ਨਹੀਂ ਚਲੀਆਂ।
ਯੂਨੀਅਨ ਨੇ ਮੁਸਾਫ਼ਰਾਂ ਦੀ ਅਸੁਵਿਧਾ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ
ਅੰਮ੍ਰਿਤਸਰ: ਯੂਨੀਅਨ ਦੇ ਇੱਕ ਸਥਾਨਕ ਆਗੂ ਕੇਵਲ ਸਿੰਘ ਨੇ ਦੱਸਿਆ ਕਿ ਹੜਤਾਲ ਅੱਧੀ ਰਾਤ ਨੂੰ 12 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਬਾਅਦ ਦੁਪਹਿਰ 3:30 ਵਜੇ ਉਨ੍ਹਾਂ ਦੇ ਸੂਬਾਈ ਆਗੂ ਵੱਲੋਂ ਮੀਟਿੰਗ ਦੇ ਦੂਜੇ ਗੇੜ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਤੋਂ ਬਾਅਦ ਖਤਮ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਮੁਸਾਫਰਾਂ ਦੀ ਅਸੁਵਿਧਾ ਲਈ ਯੂਨੀਅਨ ਨਹੀਂ ਸਰਕਾਰ ਜ਼ਿੰਮੇਵਾਰ ਹੈ ਜਿਸ ਨੇ ਮੁਲਾਜ਼ਮਾਂ ਨੂੰ ਅਣਗੌਲਿਆਂ ਕੀਤਾ।