ਅਕਾਲੀ ਦਲ ਦੇ ਇਤਿਹਾਸ ’ਚ ਟੱਕਰ ਪਰਿਵਾਰ ਦਾ ਵਿਸ਼ੇਸ਼ ਜ਼ਿਕਰ ਹੋਵੇਗਾ: ਸੁਖਬੀਰ
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 19 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ 103 ਸਾਲ ਪੁਰਾਣੀ ਖ਼ਾਲਸਾ ਪੰਥ ਦੀ ਜਥੇਬੰਦੀ ਹੈ ਜਿਸ ਨੂੰ ਹੋਂਦ ਵਿੱਚ ਲਿਆਉਣ ਲਈ ਕਾਫੀ ਕੁਰਬਾਨੀਆਂ ਦੇਣੀਆਂ ਪਈਆਂ ਅਤੇ ਬਹੁਤ ਵੱਡੇ ਵੱਡੇ ਸੰਘਰਸ਼ ਕਰਨੇ ਪਏ। ਉਹ ਅੱਜ ਸਾਹਾ ਦੇ ਗੁਰਦੁਆਰਾ ਭਾਈ ਬੁੱਧੂ ਸ਼ਾਹ ਵਿਖੇ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਟੱਕਰ ਦੇ ਛੋਟੇ ਭਰਾ ਜਥੇਦਾਰ ਠਾਕਰ ਸਿੰਘ ਟੱਕਰ ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ ਕਰ ਰਹੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਪਰਿਵਾਰ ਦੇ ਮੁਖੀ ਜਥੇਦਾਰ ਕਰਤਾਰ ਸਿੰਘ ਟੱਕਰ ਅਤੇ ਪਰਿਵਾਰ ਨੇ ਪੰਜਾਬ ਤੋਂ ਬਾਹਰ ਰਹਿੰਦਿਆਂ ਹੋਇਆਂ ਵੀ ਅਕਾਲੀ ਦਲ ਦੀਆਂ ਸਰਗਰਮੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਹੁਣ ਜਦੋਂ ਵੀ ਅਕਾਲੀ ਦਲ ਦਾ ਮੁੱਖ ਇਤਿਹਾਸ ਲਿਖਿਆ ਜਾਵੇਗਾ ਤਾਂ ਉਸ ਵਿੱਚ ਟੱਕਰ ਪਰਿਵਾਰ ਦਾ ਵਿਸ਼ੇਸ਼ ਜ਼ਿਕਰ ਹੋਵੇਗਾ। ਜਥੇਦਾਰ ਠਾਕਰ ਸਿੰਘ ਟੱਕਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਬੁਲਾਰੇ ਚਰਨਜੀਤ ਸਿੰਘ ਬਰਾੜ, ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਜਥੇਦਾਰ ਸੁਖਦੇਵ ਸਿੰਘ ਗੋਬਿੰਦਗੜ੍ਹ, ਐੱਸਜੀਪੀਸੀ ਮੈਂਬਰ ਹਰਪਾਲ ਸਿੰਘ ਪਾਲੀ ਆਦਿ ਮੌਜੂਦ ਸਨ।