ਗੁਜਰਾਂਵਾਲਾ ਕਾਲਜ ’ਚ ਦਸਤਾਰ ਸਜਾਉਣ ਦਾ ਮੁਕਾਬਲਾ
ਸਤਵਿੰਦਰ ਬਸਰਾ
ਲੁਧਿਆਣਾ, 28 ਅਕਤੂਬਰ
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਵਿੱਚ ਕਾਲਜ ਦੀ ਗੁਰਮਤਿ ਸਭਾ ਵੱਲੋਂ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ’ਚ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦੇ ਸਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਕਿਹਾ ਕਿ ਸਾਡੀ ਇਹ ਸੰਸਥਾ ਵਿਦਿਆਰਥੀਆਂ ਨੂੰ ਅਕਾਦਮਿਕ ਤੇ ਨੈਤਿਕ ਸਿੱਖਿਆ ਦੇਣ ਦੇ ਨਾਲ-ਨਾਲ ਸੁਨਹਿਰੀ ਸਿੱਖ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਵੀ ਪ੍ਰਤੀਬੱਧ ਹੈ। ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਇਹ ਪ੍ਰਣ ਵੀ ਲਿਆ ਕਿ ਉਹ ਭਵਿੱਖ ਵਿੱਚ ਵੀ ਦਸਤਾਰ ਦਾ ਸਤਿਕਾਰ ਬਰਕਰਾਰ ਰੱਖਣ ਦੇ ਨਾਲ ਉਤਸ਼ਾਹ ਪੂਰਵਕ ਦਸਤਾਰ ਸਜਾਉਣਗੇ। ਗੁਰਮਤਿ ਸਭਾ ਦੀ ਇੰਚਾਰਜ ਪ੍ਰੋ. ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਦਸਤਾਰ ਦੇ ਗੌਰਵਮਈ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਦਸਤਾਰ ਸਜਾਉਣ ਮੁਕਾਬਲੇ ਨੂੰ ਆਯੋਜਿਤ ਕਰਨ ਵਾਲੀ ਟੀਮ ਦੇ ਮੈਂਬਰ ਡਾ. ਦਲੀਪ ਸਿੰਘ, ਪ੍ਰੋ. ਮਨਜੀਤ ਸਿੰਘ, ਡਾ. ਗੁਰਦਾਸ ਸਿੰਘ, ਡਾ. ਪਰਮਜੀਤ ਸਿੰਘ, ਪ੍ਰੋ. ਹਰਸਿਮਰਨ ਸਿੰਘ, ਡਾ. ਮਨਦੀਪ ਕੌਰ ਰੰਧਾਵਾ ਅਤੇ ਪ੍ਰੋ. ਪਲਕ ਕਾਲਰਾ ਹਾਜ਼ਰ ਰਹੇ।