ਗ਼ੈਰਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਦੋ ਪ੍ਰਬੰਧਕ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਜਨਵਰੀ
ਇੱਥੋਂ ਦੀ ਪੁਲੀਸ ਨੇ ਫ਼ਰਜ਼ੀ ਨਸ਼ਾ ਛਡਾਊ ਕੇਂਦਰ ਦੇ ਦੋ ਪ੍ਰਬੰਧਕਾਂ ਨੂੰ ਕਾਬੂ ਕਰ ਕੇ ਇੱਥੋਂ 15 ਵਿਅਕਤੀਆਂ ਨੂੰ ਆਜ਼ਾਦ ਕਰਵਾਇਆ ਹੈ ਅਤੇ ਸਰਕਾਰੀ ਨਸ਼ਾ ਛਡਾਊ ਕੇਂਦਰ ਵਿੱਚ ਭੇਜ ਦਿੱਤਾ ਹੈ।
ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਅਰਸ਼ਦੀਪ ਸਿੰਘ ਉਰਫ ਅਰਸ਼ ਅਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਪੁਲੀਸ ਨੇ ਇਸ ਸਬੰਧੀ ਥਾਣਾ ਮਕਬੂਲਪੁਰਾ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਮਿਲੀ ਸੀ ਜਿਸ ਦੇ ਆਧਾਰ ’ਤੇ ਪੁਲੀਸ ਨੇ ਵੱਲਾ ਰੋਡ ਨੇੜੇ ਫੋਕਲ ਪੁਆਇੰਟ ਇੰਡਸਟਰੀਅਲ ਖੇਤਰ ਵਿੱਚ ਕਾਰਵਾਈ ਕੀਤੀ ਜਿੱਥੇ ਅਰਸ਼ਦੀਪ ਸਿੰਘ ਅਤੇ ਵਿਸ਼ਾਲ ਕੁਮਾਰ ਵੱਲੋਂ ਬਿਨਾਂ ਕਿਸੇ ਡਿਗਰੀ, ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਦੇ ਨਸ਼ਾ ਛੁਡਾਊ ਕੇਂਦਰ ਦੀ ਓਟ ’ਚ ਲੋਕਾਂ ਨੂੰ ਰੱਖਿਆ ਗਿਆ ਸੀ ਅਤੇ ਉਨ੍ਹਾਂ ਕੋਲੋਂ ਮੋਟੀ ਰਕਮ ਵਸੂਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਸਿਹਤ ਵਿਭਾਗ ਦੀ ਟੀਮ ਸਣੇ ਤਿੰਨ ਐਂਬੂਲੈਂਸਾਂ ਰਾਹੀਂ ਰੇਡ ਕੀਤੀ ਗਈ ਅਤੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਨ ਮਗਰੋਂ 15 ਵਿਅਕਤੀਆਂ ਨੂੰ ਰਿਹਾਅ ਕਰਵਾਇਆ ਗਿਆ ਜੋ ਨਸ਼ਾ ਛੁਡਾਊ ਕੇਂਦਰ ਵਿੱਚ ਬੰਦੀ ਬਣਾ ਕੇ ਰੱਖੇ ਗਏ ਸਨ। ਇਨ੍ਹਾਂ ਸਾਰੇ ਜਣਿਆਂ ਨੂੰ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਵਿਚ ਭੇਜਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਜੇਕਰ ਹੋਰ ਵੀ ਵਿਅਕਤੀ ਸਾਹਮਣੇ ਆਏ ਤਾਂ ਉਨ੍ਹਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।