ਮੋਟਰਸਾਈਕਲ ਖੋਹਣ ਦੇ ਮਾਮਲੇ ’ਚ ਦੋ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਅਕਤੂਬਰ
ਪਿੰਡ ਝੱਮਟ ਪੁਲ ’ਤੇ ਕਰੀਬ 17 ਦਿਨ ਪਹਿਲਾਂ ਇੱਕ ਨੌਜਵਾਨ ਦੇ ਸਿਰ ’ਤੇ ਸੱਟ ਮਾਰ ਕੇ ਉਸ ਨੂੰ ਜ਼ਖ਼ਮੀ ਕਰਕੇ ਮੋਟਰਸਾਈਕਲ ਲੁੱਟਣ ਵਾਲੇ ਦੋ ਮੁਲਜ਼ਮਾਂ ਨੂੰ ਥਾਣਾ ਪੀਏਯੂ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਲੁੱਟਿਆ ਹੋਇਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਜਨਕਪੁਰੀ ਵਾਸੀ ਨੁੱਕਲ ਜਿੰਦਲ ਅਤੇ ਗੁਰੂ ਤੇਗ ਬਹਾਦਰ ਨਗਰ ਵਾਸੀ ਕਮਲ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੇ ਤੀਜੇ ਸਾਥੀ ਦਾ ਪਤਾ ਲਾਉਣ ਵਿੱਚ ਲੱਗੀ ਹੋਈ ਹੈ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਵਰਦਾਨ ਕੋਹਲੀ ਨਾਂ ਦਾ ਨੌਜਵਾਨ 29 ਸਤੰਬਰ ਨੂੰ ਸਵੇਰੇ ਕਰੀਬ 3.30 ਵਜੇ ਝੱਮਟ ਪੁਲ ਨੇੜੇ ਜਾ ਰਿਹਾ ਸੀ ਕਿ ਮੁਲਜ਼ਮਾਂ ਨੇ ਉਸ ਨੂੰ ਰੋਕ ਕੇ ਉਸ ਦੇ ਸਿਰ ’ਤੇ ਸੱਟ ਮਾਰ ਕੇ ਮੋਟਰਸਾਈਕਲ ਲੁੱਟ ਕੇ ਫ਼ਰਾਰ ਹੋ ਗਏ। ਵਰਦਾਨ ਨੇ ਤੁਰੰਤ ਇਸ ਦੀ ਜਾਣਕਾਰੀ ਕੰਟਰੋਲ ਰੂਮ ਨੂੰ ਦਿੱਤੀ। ਪੁਲੀਸ ਨੇ ਲੰਮੀ ਜਾਂਚ ਕਰਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਵੱਲੋਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਨਸ਼ੇ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਤਿੰਨ ਵਿਅਕਤੀ ਰਾਹਗੀਰਾਂ ਨੂੰ ਲੁੱਟਦੇ ਸਨ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਤੀਜੇ ਸਾਥੀ ਦਾ ਪਤਾ ਲਗਾਉਣ ਦੇ ਨਾਲ-ਨਾਲ ਮੁਲਜ਼ਮਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।