ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਸਾਬਕਾ ਕਾਂਗਰਸੀ ਕੌਂਸਲਰ ਸਣੇ ਦੋ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 18 ਨਵੰਬਰ
ਇੱੱਥੋਂ ਦੀ ਆਸਥਾ ਕਲੋਨੀ ਸਥਿਤ ਇੱਕ ਹੋਟਲ ਵਿੱਚ ਬੀਤੀ ਰਾਤ ਦੋ ਧਿਰਾਂ ਵਿਚਾਲੇ ਹੋਈ ਲੜਾਈ ’ਚ ਜ਼ਖ਼ਮੀ ਹੋਏ ਨੌਜਵਾਨ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਿਟੀ-2 ਦੀ ਪੁਲੀਸ ਨੇ ਅੱਜ ਸਾਬਕਾ ਕਾਂਗਰਸੀ ਕੌਂਸਲਰ ਮਹੇਸ਼ ਲੋਟਾ ਅਤੇ ਗਰੀਨ ਕਾਲੋਨੀ ’ਚ ਰਹਿੰਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਕਜ ਬਾਂਸਲ ਵਾਸੀ ਮਹੇਸ਼ ਨਗਰ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਸਾਥੀਆਂ ਨਾਲ ਹੋਟਲ ਵਿੱਚ ਖਾਣਾ ਖਾਣ ਗਿਆ ਸੀ। ਇਸੇ ਦੌਰਾਨ ਮਹੇਸ਼ ਕੁਮਾਰ ਲੋਟਾ, ਭਾਰਤ ਮਿੱਤਲ, ਟਿੰਕੂ ਖਾਨ ਤੇ ਲਕਸ਼ੈ ਕੁਮਾਰ ਪੈਸਿਆਂ ਦੇ ਲੈਣ-ਦੇਣ ਸਬੰਧੀ ਉਸ ਨੂੰ ਗਾਲ੍ਹਾਂ ਕੱਢਣ ਲੱਗ ਪਏ ਅਤੇ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮਹੇਸ਼ ਲੋਟਾ ਨੇ ਉਸ ਨੂੰ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦੀ ਸੋਨੇ ਦੀ ਚੈਨ ਵੀ ਖੋਹ ਲਈ। ਪੁਲੀਸ ਨੇ ਪੰਕਜ ਬਾਂਸਲ ਦੇ ਬਿਆਨ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਮਹੇਸ਼ ਲੋਟਾ ਅਤੇ ਭਾਰਤ ਮਿੱਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਟਿੰਕੂ ਖਾਨ ਅਤੇ ਲਕਸ਼ੈ ਕੁਮਾਰ ਫਰਾਰ ਹੋ ਗਏ।
ਇਸ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਲ ਲੈ ਕੇ ਡੀਐੱਸਪੀ ਸਤਵੀਰ ਸਿੰਘ ਬੈਂਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧੀ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਕਿਹਾ ਕਿ ਮਹੇਸ਼ ਕੁਮਾਰ ਲੋਟਾ ਅਤੇ ਭਾਰਤ ਮਿੱਤਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਫਰਾਰ ਮੁਲਾਜ਼ਮਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।