ਅਜਨਾਲਾ ਥਾਣੇ ਦੇ ਬਾਹਰ ਧਮਾਕਾਖੇਜ਼ ਸਮੱਗਰੀ ਰੱਖਣ ਦੇ ਮਾਮਲੇ ’ਚ ਇਕ ਨਾਬਾਲਗ ਸਣੇ ਦੋ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਦਸੰਬਰ
ਅਜਨਾਲਾ ਪੁਲੀਸ ਥਾਣੇ ਦੇ ਬਾਹਰ ਧਮਾਕਾਖੇਜ਼ ਸਮੱਗਰੀ ਰੱਖਣ ਦਾ ਮਾਮਲਾ ਪੁਲੀਸ ਨੇ ਹੱਲ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਇੱਕ ਨਾਬਾਲਗ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਦੋ ਹੱਥਗੋਲੇ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਅਕਾਊਂਟ ਰਾਹੀਂ ਕੀਤਾ ਗਿਆ ਹੈ।
ਡੀਜੀਪੀ ਨੇ ਕਿਹਾ ਕਿ ਇਸ ਪਿੱਛੇ ਪਾਕਿਸਤਾਨ ਆਧਾਰਿਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ, ਅਮਰੀਕਾ ਆਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆਂ ਅਤੇ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਦਾ ਹੱਥ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਸ਼ਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ ਜਦੋਂ ਕਿ ਦੂਜਾ ਨਾਬਾਲਗ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਇੰਕਸ਼ਾਫ ਕੀਤਾ ਹੈ ਕਿ 23 ਨਵੰਬਰ ਦੀ ਰਾਤ ਨੂੰ ਉਨ੍ਹਾਂ ਨੇ ਹੀ ਅਜਨਾਲਾ ਪੁਲੀਸ ਥਾਣੇ ਦੇ ਬਾਹਰ ਧਮਾਕਾਖੇਜ਼ ਸਮੱਗਰੀ ਰੱਖੀ ਸੀ।