ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਦੋ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਅਕਤੂਬਰ
ਥਾਣਾ ਪੀਏਯੂ ਦੀ ਪੁਲੀਸ ਨੇ ਅੱਜ ਦੋ ਵਿਅਕਤੀਆਂ ਨੂੰ ਬਾਹਰਲੇ ਇਲਾਕਿਆਂ ਤੋਂ ਨਸ਼ੀਲੀਆਂ ਦਵਾਈਆਂ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਕਤ ਮੁਲਜ਼ਮਾਂ ਨੂੰ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰਨ ਜਾਣ ਮੌਕੇ ਫੜਿਆ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਡੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਨਸ਼ੀਲੇ ਟੀਕੇ ਵੀ ਬਰਾਮਦ ਹੋਏ ਹਨ। ਥਾਣਾ ਪੀਏਯੂ ਪੁਲੀਸ ਨੇ ਜੱਸੀਆਂ ਰੋਡ ਸਥਿਤ ਰਾਜਨ ਅਸਟੇਟ ਦੇ ਰਹਿਣ ਵਾਲੇ ਕੁਲਦੀਪ ਸਿੰਘ ਤੇ ਨਿਊ ਅਸ਼ੋਕ ਨਗਰ ਦੇ ਰਹਿਣ ਵਾਲੇ ਦੀਪਕ ਸ਼ਰਮਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਦੋਵਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲੀਸ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਐਕਟਿਵਾ ’ਤੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਲਈ ਜਾ ਰਹੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਕੰਪਨੀਆਂ ਦੀਆਂ ਨਸ਼ੀਲੀਆਂ ਦਵਾਈਆਂ ਅਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਪੁਲੀਸ ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ ਅਤੇ ਸ਼ਾਰਟਕੱਟ ਤਰੀਕਿਆਂ ਨਾਲ ਪੈਸੇ ਕਮਾਉਣ ਲਈ ਪਿਛਲੇ ਕਾਫੀ ਸਮੇਂ ਤੋਂ ਇਹ ਧੰਦਾ ਕਰ ਰਹੇ ਸਨ।