ਹੈਰੋਇਨ ਦੀ ਤਸਕਰੀ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਕਤੂਬਰ
ਸ਼ਾਰਟਕੱਟ ਤਰੀਕਿਆਂ ਨਾਲ ਪੈਸਾ ਕਮਾਉਣ ਲਈ ਬਾਹਰਲੇ ਇਲਾਕਿਆਂ ਤੋਂ ਹੈਰੋਇਨ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਦੋਵੇਂ ਮੁਲਜ਼ਮ ਐਲਆਈਜੀ ਫਲੈਟ ਨੇੜੇ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਲਈ ਆਏ ਸਨ। ਪੁਲੀਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ’ਚੋਂ 190 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਵਿਸ਼ਵਕਰਮਾ ਨਗਰ ਦੇ ਸਾਹਿਲ ਕੁਮਾਰ ਅਤੇ ਗੁਰੂ ਅਰਜੁਨ ਦੇਵ ਨਗਰ ਵਿੱਚ ਸਥਿਤ ਐੱਲਆਈਜੀ ਫਲੈਟ ਵਿੱਚ ਰਹਿਣ ਵਾਲੇ ਅਭਿਨਵ ਉਰਫ਼ ਅਭੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਸਬ ਇੰਸਪੈਕਟਰ ਨਰਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਹੈਰੋਇਨ ਸਪਲਾਈ ਕਰਨ ਲਈ ਐੱਲਆਈਜੀ ਫਲੈਟ ਨੇੜੇ ਖੜ੍ਹੇ ਹਨ ਜਿਸ ਤੋਂ ਬਾਅਦ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 190 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਕਦੇ ਕਦੇ ਨਸ਼ੇ ਦਾ ਸੇਵਨ ਵੀ ਕਰਦੇ ਸਨ। ਨਸ਼ੇ ਦੀ ਪੂਰਤੀ ਦੇ ਨਾਲ-ਨਾਲ ਸ਼ਾਰਟਕੱਟ ਤਰੀਕਿਆਂ ਨਾਲ ਪੈਸਾ ਕਮਾਉਣ ਲਈ ਮੁਲਜ਼ਮ ਵੱਖ-ਵੱਖ ਇਲਾਕਿਆਂ ਤੋਂ ਹੈਰੋਇਨ ਲਿਆਉਂਦੇ ਤੇ ਸ਼ਹਿਰ ਵਿੱਚ ਸਪਲਾਈ ਕਰਦੇ ਹਨ।