ਹੈਰੋਇਨ ਦੀ ਤਸਕਰੀ ਦੇ ਦੋਸ਼ ਹੇਠ ਦੋ ਕਾਬੂ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 29 ਅਕਤੂਬਰ
ਕੰਮ ਧੰਦਾ ਨਾ ਮਿਲਣ ਅਤੇ ਸ਼ਾਰਟਕੱਟ ਤਰੀਕਿਆਂ ਨਾਲ ਪੈਸੇ ਕਮਾਉਣ ਲਈ ਦੋ ਨੌਜਵਾਨ ਬਾਹਰਲੇ ਸੂਬਿਆਂ ਤੋਂ ਹੈਰੋਇਨ ਲਿਆ ਕੇ ਸ਼ਹਿਰ ਵਿੱਚ ਸਪਲਾਈ ਕਰਨ ਲੱਗੇ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਹੈਰੋਇਨ ਦੀ ਤਸਕਰੀ ਦਾ ਨਾਜਾਇਜ਼ ਧੰਦਾ ਕਰਦੇ ਆ ਰਹੇ ਸਨ। ਮੁਲਜ਼ਮਾਂ ਨੂੰ ਸੀਆਈਏ-1 ਦੀ ਟੀਮ ਨੇ ਉਸ ਸਮੇਂ ਕਾਬੂ ਕੀਤਾ ਜਦੋਂ ਮੁਲਜ਼ਮ ਸ਼ਿਮਲਾਪੁਰੀ ਇਲਾਕੇ ਵਿੱਚ ਕਿਸੇ ਨੂੰ ਹੈਰੋਇਨ ਸਪਲਾਈ ਕਰਨ ਲਈ ਬਾਜ਼ਾਰ ਵਿੱਚ ਆਪਣੀ ਕਾਰ ਖੜ੍ਹੀ ਕਰਕੇ ਕਿਸੇ ਦੀ ਉਡੀਕ ਕਰ ਰਹੇ ਸਨ। ਪੁਲੀਸ ਨੇ ਗੁਪਤ ਸੂਚਨਾ ਮਿਲਣ ’ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 515 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸ਼ਿਮਲਾਪੁਰੀ ਦੇ ਇਲਾਕਾ ਰੇਰੂ ਸਾਹਿਬ ਰੋਡ, ਨਿਊ ਆਜ਼ਾਦ ਨਗਰ ਵਾਸੀ ਅਜੈ ਕੁਮਾਰ ਅਤੇ ਕਰਮਜੀਤ ਕੁਮਾਰ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਨੂੰ ਇੱਕ ਦਿਨਾਂ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ।
ਪੁਲੀਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੁਲੀਸ ਟੀਮ ਸ਼ਿਮਲਾਪੁਰੀ ਇਲਾਕੇ ’ਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਨਾਜਾਇਜ਼ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਦੋਵੇਂ ਇੱਕ ਕਾਰ ਵਿੱਚ ਬਾਜ਼ਾਰ ’ਚ ਕਿਸੇ ਗਾਹਕ ਦੀ ਉਡੀਕ ਕਰ ਰਹੇ ਹਨ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਘੇਰ ਕੇ ਕਾਬੂ ਕਰ ਲਿਆ। ਪੁਲੀਸ ਅਨੁਸਾਰ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ’ਚੋਂ 515 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਪੁੱਛਗਿੱਛ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਦਾ ਕੋਈ ਕਾਰੋਬਾਰ ਨਹੀਂ ਸੀ ਅਤੇ ਦੋਵੇਂ ਨਸ਼ੇ ਦੇ ਆਦੀ ਸਨ। ਦੋਵਾਂ ਕੋਲ ਪੈਸੇ ਨਹੀਂ ਸਨ ਅਤੇ ਖਰਚੇ ਪੂਰੇ ਕਰਨੇ ਔਖੇ ਹੋ ਰਹੇ ਸਨ ਜਿਸ ਕਾਰਨ ਮੁਲਜ਼ਮ ਬਾਹਰਲੇ ਇਲਾਕਿਆਂ ਤੋਂ ਹੈਰੋਇਨ ਦੀ ਖੇਪ ਲਿਆ ਕੇ ਸਪਲਾਈ ਕਰਨ ਲੱਗੇ।