ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਹਰਜੀਤ ਸਿੰਘ
ਜ਼ੀਰਕਪੁਰ, 2 ਸਤੰਬਰ
ਢਕੌਲੀ ਪੁਲੀਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਜਣੇ ਆਪਸ ਵਿੱਚ ਮਾਮਾ-ਭਾਣਜਾ ਹਨ। ਪੁਲੀਸ ਨੇ ਦੋਵਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਸੱਤ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਨੇ ਦੱਸਿਆ ਕਿ ਇਹ ਲੋਕ ਮੋਟਰਸਾਈਕਲ ਚੋਰੀ ਕਰਨ ਮਗਰੋਂ ਇਨ੍ਹਾਂ ਨੂੰ ਸਸਤੇ ਭਾਅ ’ਤੇ ਵੇਚ ਦਿੰਦੇ ਸਨ। ਬਰਾਮਦ ਕੀਤੇ ਸੱਤ ਵਾਹਨਾਂ ਵਿੱਚ ਚਾਰ ਬੁਲੇਟ ਅਤੇ ਤਿੰਨ ਸਪਲੈਂਡਰ ਮੋਟਰਸਾਈਕਲ ਸ਼ਾਮਲ ਹਨ।
ਇਸ ਸਬੰਧੀ ਡੀਐੱਸਪੀ ਜਸਪਿੰਦਰ ਸਿੰਘ ਅਤੇ ਥਾਣਾ ਮੁਖੀ ਢਕੋਲੀ ਗੁਰਮੇਹਰ ਸਿੰਘ ਨੇ ਦੱਸਿਆ ਕਿ ਏਐੱਸਆਈ ਮੇਵਾ ਸਿੰਘ ਵੱਲੋਂ ਪੀਰਮੁਛੱਲਾ ਨੇੜੇ ਮਿਡ ਟਾਊਨ ਹੋਟਲ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਆਉਂਦੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛ ਪੜਤਾਲ ਕੀਤੀ ਤਾਂ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਸਖ਼ਤੀ ਨਾਲ ਪੁੱਛਣ ’ਤੇ ਉਨ੍ਹਾਂ ਨੇ ਦੱਸਿਆ ਕਿ ਇਹ ਮੋਟਰਸਾਈਕਲ ਚੋਰੀ ਦਾ ਹੈ। ਦੋਵੇਂ ਮੁਲਜ਼ਮਾਂ ਦੀ ਪਛਾਣ ਚਮਕੌਰ ਸਿੰਘ ਵਾਸੀ ਸਾਰਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਅੰਸਲ ਜ਼ਿਲ੍ਹਾ ਤਰਨ ਤਾਰਨ ਦੇ ਰੂਪ ਵਿੱਚ ਹੋਈ ਹੈ। ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਤਾਛ ਕਰਨ ’ਤੇ ਛੇ ਹੋਰ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ ਹਨ। ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ ਜ਼ੀਰਕਪੁਰ, ਢਕੌਲੀ ਅਤੇ ਪੰਚਕੂਲਾ ਖੇਤਰ ਤੋਂ ਚੋਰੀ ਕੀਤੇ ਹਨ। ਚਮਕੌਰ ਸਿੰਘ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਤਿੰਨ ਕੇਸ ਦਰਜ ਹਨ। ਉਹ ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਰਿਹਾ ਹੈ। ਪੁਲੀਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਚਾਰ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।