ਕੁੰਭੜਾ ਵਿੱਚ ਹੈਜ਼ੇ ਦੇ ਦੋ ਤੇ ਪੇਚਸ਼ ਦੇ 20 ਕੇਸ ਸਾਹਮਣੇ ਆਏ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਜੁਲਾਈ
ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਕੁੰਭੜਾ ਵਿੱਚ ਹੈਜ਼ਾ ਅਤੇ ਪੇਚਸ਼ ਫੈਲ ਗਿਆ ਹੈ। ਸਿਹਤ ਵਿਭਾਗ ਦੇ ਸਰਵੇਖਣ ਮੁਤਾਬਕ ਇਕੱਲੇ ਕੁੰਭੜਾ ਵਿੱਚ ਹੈਜ਼ੇ ਦੇ ਦੋ ਅਤੇ ਪੇਚਸ਼ ਦੇ 20 ਕੇਸ ਸਾਹਮਣੇ ਆਏ ਹਨ। ਮੁਹਾਲੀ ਦੇ ਡੀਸੀ ਆਸ਼ਿਕਾ ਜੈਨ ਨੇ ਅੱਜ ਪਿੰਡ ਕੁੰਭੜਾ ਦੇ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨਾਲ ਨਗਰ ਨਿਗਮ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ। ਹੈਜ਼ੇ ਦੇ ਦੋ ਅਤੇ ਪੇਚਸ਼ ਦੇ ਪੰਜ ਮਰੀਜ਼ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਦੋਂਕਿ ਬਾਕੀਆਂ ਨੂੰ ਘਰ ਭੇਜ ਦਿੱਤਾ ਹੈ। ਡੀਸੀ ਆਸ਼ਿਕਾ ਜੈਨ ਨੇ ਪੇਚਸ਼ ਅਤੇ ਹੈਜ਼ੇ ਦੇ ਮੱਦੇਨਜ਼ਰ ਲੋਕਾਂ ਨੂੰ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਆਮ ਨਾਗਰਿਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
ਡੀਸੀ ਨੇ ਮੁਹਾਲੀ ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ, ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਕੀਤਾ ਜਾਵੇ। ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਡੀਸੀ ਨੂੰ ਦੱਸਿਆ ਕਿ ਕੁੰਭੜਾ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਨੇ ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਬਣਾਈਆਂ ਹੋਈਆ ਹਨ, ਜਿਨ੍ਹਾਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ।