ਦੋ ਦਿਨਾਂ ਦੇ ਮੀਂਹ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ
ਪੱਤਰ ਪ੍ਰੇਰਕ
ਯਮੁਨਾਨਗਰ, 9 ਜੁਲਾਈ
ਇਲਾਕੇ ਵਿੱਚ ਬੀਤੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਪ੍ਰੇਮ ਨਗਰ, ਮਾਡਲ ਕਾਲੋਨੀ, ਆਜ਼ਾਦ ਨਗਰ, ਸ਼ਾਂਤੀ ਕਾਲੋਨੀ, ਚੌਧਰੀ ਕਾਲੋਨੀ, ਟੈਗੋਰ ਗਾਰਡਨ, ਲਾਜਪਤ ਨਗਰ ਅਤੇ ਹੋਰ ਕਾਲੋਨੀਆਂ ਵਿੱਚ ਲੋਕਾਂ ਦੇ ਘਰਾਂ ’ਚ ਪਾਣੀ ਦਾਖਲ ਹੋ ਗਿਆ ਹੈ, ਜਿਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਸੜਕਾਂ ’ਤੇ ਪਾਣੀ ਜਮ੍ਹਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਦੇ ਵਿਸ਼ਵਕਰਮਾ ਚੌਕ ਅਤੇ ਸਹਾਰਨਪੁਰ ਰੋਡ ’ਤੇ ਪਾਣੀ ਜਮ੍ਹਾਂ ਹੋਣ ਕਰਕੇ ਵਾਹਨ ਫਸ ਗਏ। ਇਸ ਦੇ ਨਾਲ ਹੀ ਖੜ੍ਹੇ ਪਾਣੀ ਕਾਰਨ ਬਿਮਾਰੀਆਂ ਦਾ ਖਤਰਾ ਵੀ ਵਧ ਗਿਆ ਹੈ। ਲੋਕਾਂ ਦਾ ਕਹਿਣਾ ਇੰਨਾ ਟੈਕਸ ਭਰਨ ਦੇ ਬਾਵਜੂਦ ਸੜਕਾਂ, ਸੀਵਰੇਜ, ਨਾਲੀਆਂ ਦੀ ਸਮੇਂ ਸਿਰ ਸਫਾਈ ਨਹੀਂ ਕੀਤੀ ਜਾਂਦੀ ਜਿਸ ਕਰਕੇ ਹਰ ਸਾਲ ਲੋਕਾਂ ਨੂੰ ਇਸ ਤ੍ਰਾਸਦੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਮੀਂਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਮੁਸ਼ਕਲਾਂ ਹੋਰ ਵਧ ਜਾਣਗੀਆਂ। ਯਮੁਨਾ ਨਦੀ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਵੱਗ ਰਹੀ ਹੈ।
ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ: ਡੀਸੀ
ਫਰੀਦਾਬਾਦ (ਪੱਤਰ ਪ੍ਰੇਰਕ): ਦੇਰ ਰਾਤ ਤੋਂ ਸ਼ਹਿਰ ਵਿੱਚ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਡੀਸੀ ਵਿਕਰਮ ਸਿੰਘ ਨੇ ਅੱਜ ਸ਼ਹਿਰ ਵਿੱਚ ਪਾਣੀ ਭਰਨ ਵਾਲੀਆਂ ਸਾਰੀਆਂ ਥਾਵਾਂ ਦਾ ਦੌਰਾ ਕੀਤਾ ਅਤੇ ਭਾਰੀ ਮੀਂਹ ਦੌਰਾਨ ਡਿਸਪੋਜ਼ਲ ਪੰਪਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਜਾਣਕਾਰੀ ਅਨੁਸਾਰ ਡੀਸੀ ਨੇ ਮੌਕੇ ’ਤੇ ਸੈਕਟਰ-13-14 ਵਿੱਚ ਸਟੋਰਮ ਵਾਟਰ ਡਰੇਨੇਜ ਸਿਸਟਮ ਅਤੇ ਸੈਕਟਰ-18 ਵਿੱਚ ਡਿਸਪੋਜ਼ਲ ਦਾ ਨਿਰੀਖਣ ਕੀਤਾ। ਉਨ੍ਹਾਂ ਸਭ ਤੋਂ ਪਹਿਲਾਂ ਸੈਕਟਰ-14 ਦੇ ਨਿਕਾਸ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਕੁਝ ਵਾਟਰ ਪੰਪ ਬੰਦ ਪਾਏ ਗਏ ਜਿਸ ’ਤੇ ਡਿਪਟੀ ਕਮਿਸ਼ਨਰ ਨੇ ਉਥੇ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਸਾਰੇ ਪੰਪਾਂ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦੇ ਆਦੇਸ਼ ਦਿੱਤੇ | ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਦੀ ਸਮੱਸਿਆ ਕਾਰਨ ਪੰਪ ਕੰਮ ਨਹੀਂ ਕਰ ਰਿਹਾ।