ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ ਦੋ ਘੰਟੇ ਹੜਤਾਲ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਅਕਤੂਬਰ
ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਕ ’ਚ ਅੰਦੋਲਨ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਨੇ ਅੱਜ ਦੋ ਘੰਟੇ ਲਈ ਬੱਸ ਸਟੈਂਡ ’ਤੇ ਧਰਨਾ ਦਿੱਤਾ। ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕੱਚੇ ਮੁਲਾਜ਼ਮ ਹੜਤਾਲ ’ਤੇ ਬੈਠੇ ਰਹੇ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਿੱਥੇ ਲੋਕਾਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਕਾਫੀ ਮੁਸ਼ੱਕਤ ਕਰਨੀ ਪਈ, ਉੱਥੇ ਉਨ੍ਹਾਂ ਨੂੰ ਪ੍ਰਾਈਵੇਟ ਬੱਸਾਂ ’ਚ ਸਫ਼ਰ ਕਰਨਾ ਪਿਆ। ਪ੍ਰਦਰਸ਼ਨ ਕਰ ਰਹੇ ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਪੱਕਾ ਕਰਨ ਦੀ ਮੰਗ ਕਰ ਰਹੇ ਹਨ।
ਧਰਨਾਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ ’ਚ ਆਉਣ ਸੀ ’ਤੇ ਕਈ ਵਾਅਦੇ ਕੀਤੇ ਸਨ, ਪਰ ਹੁਣ ਉਨ੍ਹਾਂ ਦੀ ਇੱਕ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਸੀ, ਪਰ ਕੁਝ ਕਾਰਨਾਂ ਕਰਕੇ ਇਹ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਚੰਗਾ ਨਹੀਂ ਲੱਗਦਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ, ਪਰ ਉਹ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਸਰਕਾਰ ਨਾ ਤਾਂ ਉਨ੍ਹਾਂ ਦੀਆਂ ਮੰਗਾਂ ਮੰਨ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੱਕਾ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਇਹ ਰਸਤਾ ਅਪਨਾਉਣਾ ਪਿਆ ਹੈ। ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਨ ਕਿ ਠੇਕੇਦਾਰਾਂ ਨੂੰ ਹਟਾਇਆ ਜਾਵੇ, ਪੱਕੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪਰ ਅਜਿਹਾ ਕੁਝ ਨਹੀਂ ਹੋਇਆ ਜਿਸ ਕਾਰਨ ਮੁਲਾਜ਼ਮਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ 29 ਨੂੰ ਰਾਜ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਜੇਕਰ ਮੀਟਿੰਗ ਵਿੱਚ ਕੋਈ ਹੱਲ ਨਾ ਨਿਕਲਿਆ ਤਾਂ ਪੰਜਾਬ ਸਰਕਾਰ ਦਾ ਆਉਣ ਵਾਲੀਆਂ ਉਪ ਚੋਣਾਂ ਵਿੱਚ ਵਿਰੋਧ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਦੀਆਂ ਚਾਰ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣੀਆਂ ਹਨ।