ਸੜਕ ਹਾਦਸੇ ਵਿੱਚ ਦੋ ਹਲਾਕ ਤੇ ਇੱਕ ਜ਼ਖ਼ਮੀ
ਪੱਤਰ ਪ੍ਰੇਰਕ
ਤਰਨ ਤਾਰਨ, 24 ਜੁਲਾਈ
ਇੱਥੇ ਬੀਤੀ ਰਾਤ ਮੁੱਖ ਸੜਕ ’ਤੇ ਹੋਏ ਸੜਕ ਹਾਦਸੇ ਵਿੱਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੇ ਕਸੂਰਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦੀ ਮੰਗ ਲਈ ਸਥਾਨਕ ਕਾਜੀਕੋਟ ਰੋਡ ਵਾਸੀਆਂ ਨੇ ਮੁੱਖ ਸੜਕ ’ਤੇ ਕਈ ਘੰਟੇ ਧਰਨਾ ਦਿੱਤਾ| ਰੋਸ ਪ੍ਰਗਟ ਕਰਨ ਵਾਲਿਆਂ ਵੱਲੋਂ ਸ਼ਹਿਰ ਦੀ ਮੁੱਖ ਸੜਕ ’ਤੇ ਸਥਿਤ ਕਸੂਰ ਡਰੇਨ ਦੇ ਪੁਲ ’ਤੇ ਦਿੱਤੇ ਧਰਨੇ ਕਰ ਕੇ ਸ਼ਹਿਰ ਦੀ ਆਵਾਜਾਈ ਘੰਟਿਆਂ ਤੱਕ ਪੂਰੀ ਤਰ੍ਹਾਂ ਠੱਪ ਹੋ ਗਈ| ਹਾਦਸੇ ਦੇ ਮਰਨ ਵਾਲਿਆਂ ਵਿੱਚ ਲਵਪ੍ਰੀਤ ਸਿੰਘ (19) ਅਤੇ ਹਰਪ੍ਰੀਤ ਸਿੰਘ ਸ਼ਾਮਲ ਹਨ| ਇਸ ਹਾਦਸੇ ਵਿੱਚ ਦੋ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ ਤੇ ਇਨ੍ਹਾਂ ਦਾ ਇੱਕ ਹੋਰ ਸਾਥੀ ਲਵ (17) ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਤੋਂ ਗੁਰੂ ਨਾਨਕ ਦੇਵ ਹਸਪਤਾਲਾ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ|
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤੇਜ਼ ਰਫ਼ਤਾਰ ਕਾਰ ਚਾਲਕ ਨੇ ਆਪਣੇ ਤੋਂ ਅੱਗੇ ਜਾਂਦੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿੱਚ ਲੈ ਲਿਆ| ਧਰਨਾਕਾਰੀਆਂ ਨੂੰ ਡੀਐੱਸਪੀ ਜਸਪਾਲ ਸਿੰਘ ਨੇ ਦੋ ਦਨਿ ਦੇ ਅੰਦਰ-ਅੰਦਰ ਕਾਰਵਾਈ ਕਰ ਕੇ ਕਸੂਰਵਾਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਵਿਸ਼ਵਾਸ ਦਿਵਾਇਆ ਜਿਸ ਮਗਰੋਂ ਧਰਨਾ ਚੁੱਕ ਲਿਆ ਗਿਆ। ਧਰਨਾਕਾਰੀਆਂ ਦੀ ਅਗਵਾਈ ਕਰਦੇ ਮ੍ਰਿਤਕ ਹਰਪ੍ਰੀਤ ਸਿੰਘ ਦੇ ਭਤੀਜੇ ਰਵਨੀਤ ਸਿੰਘ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਲਾਸ਼ਾਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ|