ਸੜਕ ਹਾਦਸਿਆਂ ਵਿੱਚ ਦੋ ਹਲਾਕ; ਤਿੰਨ ਜ਼ਖ਼ਮੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਨਵੰਬਰ
ਵੱਖ ਵੱਖ ਥਾਵਾਂ ’ਤੇ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਜਣੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲੀਸ ਨੂੰ ਪਰਮਿੰਦਰ ਸਿੰਘ ਵਾਸੀ ਪਿੰਡ ਬੇਹਲੋਲਪੁਰ ਮੋਹਾਲੀ ਨੇ ਦੱਸਿਆ ਕਿ ਉਸ ਦਾ ਸਾਲਾ ਖੁਸ਼ਹਾਲ ਵਾਸੀ ਗੁਰੂ ਨਾਨਕ ਨਗਰ ਮੁੰਡੀਆਂ ਕਲਾਂ, ਆਪਣੇ ਦੋਸਤ ਰੋਹਿਤ ਕੁਮਾਰ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਪਿੰਡ ਝਾਬੇਵਾਲ ਕੋਲ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਦੇ ਚਾਲਕ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਖੁਸ਼ਹਾਲ ਦੀ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਥਾਣਾ ਕੂੰਮਕਲਾਂ ਦੇ ਇਲਾਕੇ ਨੇੜੇ ਰਾਧਾ ਸੁਆਮੀ ਸਤਸੰਗ ਘਰ ਕੋਹਾੜਾ ਵਿੱਚ ਵਾਪਰੇ ਇੱਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਕੋਹਾੜਾ ਵਾਸੀ ਸੁਨੀਲ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਅਨਿਲ ਕੁਮਾਰ (33) ਕੁਝ ਸਾਮਾਨ ਲੈਣ ਲਈ ਘਰੋਂ ਗਿਆ ਸੀ ਤਾਂ ਮਾਛੀਵਾੜਾ ਵੱਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਸ ਨੂੰ ਲਪੇਟ ਵਿੱਚ ਲੈ ਲਿਆ ਤੇ ਅਨਿਲ ਟਰੱਕ ਦੇ ਟਾਇਰ ਥੱਲੇ ਆ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੇ ਇਲਾਕੇ ਮੇਨ ਦਿੱਲੀ ਹਾਈਵੇ ਪੁਲ ਸਾਹਮਣੇ ਵਾਪਰੇ ਹਾਦਸੇ ਵਿੱਚ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਗੁਰਪਾਲ ਨਗਰ ਵਾਸੀ ਬੱਚੇ ਰਾਮ ਨੇ ਦੱਸਿਆ ਕਿ ਉਸ ਦਾ ਲੜਕਾ ਦਿਨੇਸ਼ ਕੁਮਾਰ ਆਪਣੇ ਦੋਸਤ ਦਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਜਿਸ ਕਰਕੇ ਦਿਨੇਸ਼ ਪੁਲ ਤੋਂ ਹੇਠਾਂ ਡਿੱਗ ਗਿਆ ਤੇ ਦਵਿੰਦਰ ਸਿੰਘ ਪੁਲ ਦੇ ਉੱਪਰ ਹੀ ਦੂਰ ਜਾ ਕੇ ਡਿੱਗਾ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਐੱਸਪੀਐੱਸ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।